ਕੈਂਸਰ ਦੀਆਂ ਦਵਾਈਆਂ ’ਤੇ ਵਪਾਰਕ ਮੁਨਾਫ਼ੇ ਦੀ ਹੱਦ 30 ਫ਼ੀਸਦੀ ਤੈਅ ਕਰਨ ਦਾ ਫ਼ੈਸਲਾ, ਮਰੀਜ਼ਾਂ ਨੂੰ ਮਿਲੇਗੀ ਰਾਹਤ

Top Trending News ਸਿਹਤ ਦਿੱਲੀ ਰਾਸ਼ਟਰੀ

 

ਕੈਂਸਰ ਦੀਆਂ ਦਵਾਈਆਂ ’ਤੇ ਵਪਾਰਕ ਮੁਨਾਫ਼ੇ ਦੀ ਹੱਦ 30 ਫ਼ੀਸਦੀ ਤੈਅ ਕਰਨ ਦਾ ਫ਼ੈਸਲਾ, ਮਰੀਜ਼ਾਂ ਨੂੰ ਮਿਲੇਗੀ ਰਾਹਤ

ਨਵੀਂ ਦਿੱਲੀ 13 ਅਕਤੂਬਰ 2026

ਕੈਂਸਰ ਦੇ ਇਲਾਜ ਲਈ ਵਰਤੀਆਂ ਜਾਂਦੀਆਂ ਦਵਾਈਆਂ ਦੀਆਂ ਕੀਮਤਾਂ ਘਟਾਉਣ ਵੱਲ ਕੇਂਦਰ ਸਰਕਾਰ ਨੇ ਅਹਿਮ ਕਦਮ ਚੁੱਕਿਆ ਹੈ। ਸਰਕਾਰ ਨੇ ਇਨ੍ਹਾਂ ਦਵਾਈਆਂ ’ਤੇ ਵਪਾਰਕ ਮੁਨਾਫ਼ੇ ਦੀ ਹੱਦ ਵੱਧ ਤੋਂ ਵੱਧ ਪ੍ਰਚੂਨ ਕੀਮਤ ਦਾ 30 ਫ਼ੀਸਦੀ ਤੈਅ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਦਵਾਈਆਂ ਦੀਆਂ ਕੀਮਤਾਂ ਵਿੱਚ 20 ਤੋਂ 70 ਫ਼ੀਸਦੀ ਤੱਕ ਕਮੀ ਆਉਣ ਦੀ ਸੰਭਾਵਨਾ ਹੈ ਅਤੇ ਮਰੀਜ਼ਾਂ ਨੂੰ ਹਰ ਸਾਲ ਲਗਭਗ 2,500 ਕਰੋੜ ਰੁਪਏ ਦੀ ਬੱਚਤ ਹੋ ਸਕਦੀ ਹੈ।

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਇਹ ਜਾਣਕਾਰੀ ਦਿੱਤੀ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੂੰ ਦੱਸਿਆ ਗਿਆ ਕਿ ਰਾਸ਼ਟਰੀ ਦਵਾਈ ਕੀਮਤ ਨਿਰਧਾਰਨ ਅਥਾਰਟੀ ਨੇ 8 ਅਕਤੂਬਰ ਦੀ ਬੈਠਕ ਵਿੱਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ।

ਦਵਾਈਆਂ ਦੀ ਕੀਮਤ ’ਤੇ ਨਿਗਰਾਨੀ ਰੱਖਣ ਲਈ ਸਿਹਤ ਸੇਵਾਵਾਂ ਦੇ ਮਹਾਨਿਰਦੇਸ਼ਕ ਦੀ ਅਗਵਾਈ ਹੇਠ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਕਮੇਟੀ ਨੂੰ 10 ਤੋਂ 15 ਦਿਨਾਂ ਅੰਦਰ ਉਨ੍ਹਾਂ ਦਵਾਈਆਂ ਦੀ ਸੂਚੀ ਬਾਰੇ ਸਿਫ਼ਾਰਸ਼ਾਂ ਦੇਣ ਲਈ ਕਿਹਾ ਗਿਆ ਹੈ, ਜਿਨ੍ਹਾਂ ’ਤੇ ਇਹ ਨਿਯਮ ਲਾਗੂ ਹੋਵੇਗਾ।

ਸਰਕਾਰ ਅਨੁਸਾਰ, ਕੈਂਸਰ ਦੇ ਇਲਾਜ ਲਈ ਮਨਜ਼ੂਰਸ਼ੁਦਾ ਦਵਾਈਆਂ ਨੂੰ ਇਸ ਦੇ ਘੇਰੇ ਵਿੱਚ ਲਿਆਉਣ ਦੀ ਯੋਜਨਾ ਹੈ, ਜਦਕਿ ਘੱਟ ਕੀਮਤ ਵਾਲੀਆਂ ਦਵਾਈਆਂ ਨੂੰ ਛੋਟ ਦਿੱਤੀ ਜਾ ਸਕਦੀ ਹੈ। ਲੋੜ ਅਨੁਸਾਰ ਸੂਚੀ ਵਿੱਚ ਨਵੀਆਂ ਦਵਾਈਆਂ ਵੀ ਸ਼ਾਮਲ ਕੀਤੀਆਂ ਜਾਣਗੀਆਂ।