ਡਿਊਟੀ ਦੌਰਾਨ ਸ਼ਹੀਦ ਹੋਏ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਸਹਾਇਤਾ: ਭਗਵੰਤ ਮਾਨ

Top Trending News ਪੰਜਾਬ

 

ਡਿਊਟੀ ਦੌਰਾਨ ਸ਼ਹੀਦ ਹੋਏ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਸਹਾਇਤਾ: ਭਗਵੰਤ ਮਾਨ

ਚੰਡੀਗੜ੍ਹ 13 ਅਕਤੂਬਰ 2026

ਡਿਊਟੀ ਦੌਰਾਨ ਸ਼ਹੀਦ ਹੋਏ ਸਹਾਇਕ ਪੁਲਿਸ ਨਿਰੀਖਕ (ਏਐੱਸਆਈ) ਇਕਬਾਲ ਸਿੰਘ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਸਲਾਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਪਰਿਵਾਰ ਨੂੰ ਕੁੱਲ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਆਪਣੇ ਸੁਨੇਹੇ ਰਾਹੀਂ ਕਿਹਾ ਕਿ ਏਐੱਸਆਈ ਇਕਬਾਲ ਸਿੰਘ ਨੇ ਡਿਊਟੀ ਨਿਭਾਉਂਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਬਹਾਦਰੀ ਅਤੇ ਫ਼ਰਜ਼ ਪ੍ਰਤੀ ਸਮਰਪਣ ਨੂੰ ਦਿਲੋਂ ਸਲਾਮ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਭਗਵੰਤ ਮਾਨ ਅਨੁਸਾਰ, ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਐੱਚਡੀਐੱਫਸੀ ਬੈਂਕ ਵੱਲੋਂ ਇੱਕ ਕਰੋੜ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਵੀ ਪਰਿਵਾਰ ਨੂੰ ਸੌਂਪਿਆ ਜਾਵੇਗਾ। ਇਸ ਤਰ੍ਹਾਂ ਪਰਿਵਾਰ ਨੂੰ ਕੁੱਲ ਦੋ ਕਰੋੜ ਰੁਪਏ ਦੀ ਸਹਾਇਤਾ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨਾ ਸਰਕਾਰ ਦੀ ਵਚਨਬੱਧਤਾ ਹੈ। ਉਨ੍ਹਾਂ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਵੀ ਕੀਤੀ।