ਨੌਜਵਾਨ ਦੇ ਕਤਲ ਮਾਮਲੇ ਦੇ ਅਸਲ ਦੋਸ਼ੀਆ ਦੀ ਗ੍ਰਿਫਤਾਰੀ ਨੂੰ ਲੈਕੇ ਪਿੰਡ ਵਾਸੀਆ ਨੇ ਥਾਣੇ ਅੱਗੇ ਕੀਤਾ ਰੋਸ ਪ੍ਰਦਰਸ਼ਨ

Top Trending News ਪੰਜਾਬ
  • ਨੌਜਵਾਨ ਦੇ ਕਤਲ ਮਾਮਲੇ ਦੇ ਅਸਲ ਦੋਸ਼ੀਆ ਦੀ ਗ੍ਰਿਫਤਾਰੀ ਨੂੰ ਲੈਕੇ ਪਿੰਡ ਵਾਸੀਆ ਨੇ ਥਾਣੇ ਅੱਗੇ ਕੀਤਾ ਰੋਸ ਪ੍ਰਦਰਸ਼ਨ
  • ਪੁਲਿਸ ਪ੍ਰਸ਼ਾਸਨ ਤੇ ਕਥਿਤ ਤੌਰ ਤੇ ਮਿਲੀਭੁਗਤ ਕਰ ਮਾਮਲੇ ਵਿੱਚੋ ਦੋਸ਼ੀਆ ਦੇ ਨਾਮ ਕੱਢਣ ਦੇ ਲਾਏ ਦੋਸ਼
  • ਪੁਲਿਸ ਨੇ ਦੋਸ਼ ਨਕਾਰਦਿਆਂ ਬਾਕੀ ਰਹਿੰਦੇ ਦੋਸ਼ੀਆ ਨੂੰ ਜਲਦ ਗ੍ਰਿਫਤਾਰ ਕਰਨ ਦਾ ਦਿੱਤਾ ਭਰੋਸਾ

ਮੋਰਿੰਡਾ 14 ਅਕਤੂਬਰ (ਭਟੋਆ): ਪਿੰਡ ਸਰਹਾਣਾ ਦੇ ਰਹਿਣ ਵਾਲੇ ਅਜੇ ਕੁਮਾਰ ਦੇ ਕਤਲਕਾਂਡ ਅਤੇ ਉਸਦੇ ਦੋ ਸਾਥੀਆਂ ‘ਤੇ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਮੁੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਮੋਰਿੰਡਾ ਥਾਣੇ ਦੇ ਬਾਹਰ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਕਰੀਬ ਡੇਢ ਤੋਂ ਦੋ ਘੰਟੇ ਤੱਕ ਚੱਲੇ ਇਸ ਧਰਨੇ ਕਾਰਨ ਮੋਰਿੰਡਾ ਤੋਂ ਖਰੜ-ਚੰਡੀਗੜ੍ਹ ਅਤੇ ਕੁਰਾਲੀ-ਰੋਪੜ ਮਾਰਗਾਂ ‘ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ, ਜਿਸ ਨੂੰ ਸੁਚਾਰੂ ਰੱਖਣ ਲਈ ਪੁਲਿਸ ਵੱਲੋਂ ਬਦਲਵੇਂ ਪ੍ਰਬੰਧ ਕੀਤੇ ਗਏ ਸਨ।

ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜੇ ਕੁਮਾਰ ਦੇ ਅਸਲ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਮ੍ਰਿਤਕ ਦੇ ਚਾਚਾ ਮਨਦੀਪ ਕੁਮਾਰ ਅਤੇ ਜ਼ਖ਼ਮੀ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ 30 ਅਗਸਤ ਦੀ ਰਾਤ ਨੂੰ ਹੋਈ ਗੈਂਗਵਾਰ ਦੀ ਵਾਰਦਾਤ ਸਬੰਧੀ ਥਾਣਾ ਮੋਰਿੰਡਾ ਵਿਖੇ 8 ਨਾਮਜ਼ਦ ਅਤੇ 10 ਦੇ ਕਰੀਬ ਅਣਪਛਾਤੇ ਵਿਅਕਤੀਆਂ ਖਿਲਾਫ ਐੱਫ.ਆਈ.ਆਰ. ਨੰਬਰ 114 ਦਰਜ ਕੀਤੀ ਗਈ ਸੀ।

ਪਰਿਵਾਰ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਕਥਿਤ ਤੌਰ ‘ਤੇ ਕੁਝ ਪ੍ਰਭਾਵਸ਼ਾਲੀ ਦੋਸ਼ੀਆਂ ਨੂੰ ਪੈਸਿਆਂ ਦੇ ਲੈਣ-ਦੇਣ ਕਰਕੇ ਕੇਸ ਵਿੱਚੋਂ ਬਾਹਰ ਕੱਢ ਦਿੱਤਾ ਹੈ। ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਅਜੇ ਕੁਮਾਰ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ ਜਿਸ ਦੇ ਉਨ੍ਹਾਂ ਕੋਲ ਪੁਖ਼ਤਾ ਸਬੂਤ ਹਨ, ਪਰ ਪੋਸਟਮਾਰਟਮ ਦੀ ਰਿਪੋਰਟ ਵਿੱਚ ਮੌਤ ਤੇਜ਼ਧਾਰ ਹਥਿਆਰਾਂ ਨਾਲ ਦਰਸਾਈ ਗਈ ਹੈ। ਘਟਨਾ ਨੂੰ ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਮੁੱਖ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

ਇਸ ਮੌਕੇ ਮ੍ਰਿਤਕ ਦੀ ਮਾਤਾ ਨੇ ਸਥਾਨਕ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ-ਅੰਦਰ ਅਸਲ ਕਾਤਲਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ, ਤਾਂ ਉਹ ਥਾਣੇ ਦੇ ਸਾਹਮਣੇ ਜ਼ਹਿਰ ਪੀ ਕੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਵੇਗੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐੱਸ.ਐੱਚ.ਓ. ਮੋਰਿੰਡਾ ਸ਼ਹਿਰੀ ਇੰਸਪੈਕਟਰ ਗਗਨਦੀਪ ਸਿੰਘ ਅਤੇ ਐੱਸ.ਐੱਚ.ਓ. ਮੋਰਿੰਡਾ ਸਦਰ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਸ ਕੇਸ ਵਿੱਚ ਨਾਮਜ਼ਦ 8 ਦੋਸ਼ੀਆਂ ਵਿੱਚੋਂ 5 ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਵਾਰਦਾਤ ਵਿੱਚ ਵਰਤੀ ਗਈ ਥਾਰ ਗੱਡੀ ਵੀ ਕਬਜ਼ੇ ਵਿੱਚ ਲੈ ਲਈ ਗਈ ਹੈ। ਪਰਿਵਾਰ ਵੱਲੋਂ ਦੋਸ਼ੀਆਂ ਦੇ ਨਾਮ ਕੱਢਣ ਬਦਲੇ ਪੈਸੇ ਲੈਣ ਦੇ ਦੋਸ਼ਾਂ ਨੂੰ ਨਕਾਰਦਿਆਂ ਪੁਲਿਸ ਨੇ ਭਰੋਸਾ ਦਿੱਤਾ ਕਿ ਬਾਕੀ ਰਹਿੰਦੇ ਤਿੰਨ ਮੁੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਸੀ.ਆਈ.ਏ. ਅਤੇ ਪੁਲਿਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।

ਪੁਲਿਸ ਨੇ ਇਹ ਵੀ ਦੱਸਿਆ ਕਿ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾ ਰਿਹਾ ਹੈ ਅਤੇ ਰਿਪੋਰਟ ਆਉਣ ‘ਤੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਅਧਿਕਾਰੀਆਂ ਵੱਲੋਂ ਸ਼ੱਕ ਅਤੇ ਗ਼ਲਤਫ਼ਹਿਮੀਆਂ ਨੂੰ ਗੱਲਬਾਤ ਰਾਹੀਂ ਦੂਰ ਕਰਨ ਅਤੇ ਜਲਦ ਹੀ ਸਾਰੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਦੇ ਭਰੋਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ।