ਅਭਿਜੀਤ ਦੀਪਕੇ, ਨੇਹਾ ਬੋਰਾ, ਪ੍ਰਕਾਸ਼ ਰਾਜ ਤੇ ਪ੍ਰਸ਼ਾਂਤ ਭੂਸ਼ਣ ਨੇ ਕੀਤੀ ਸਾਂਝੀ ਪ੍ਰੈੱਸ ਕਾਨਫਰੰਸ; SIR ਰੋਕਣ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ

Top Trending News ਰਾਸ਼ਟਰੀ
  • ਅਭਿਜੀਤ ਦੀਪਕੇ, ਨੇਹਾ ਬੋਰਾ, ਪ੍ਰਕਾਸ਼ ਰਾਜ ਤੇ ਪ੍ਰਸ਼ਾਂਤ ਭੂਸ਼ਣ ਨੇ ਕੀਤੀ ਸਾਂਝੀ ਪ੍ਰੈੱਸ ਕਾਨਫਰੰਸ; SIR ਰੋਕਣ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ

ਨਵੀਂ ਦਿੱਲੀ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਅਤੇ ਵਿਦਿਆਰਥੀ ਜਥੇਬੰਦੀ AISA ਦੀ ਕੌਮੀ ਪ੍ਰਧਾਨ ਨੇਹਾ ਬੋਰਾ ਨੇ 15 ਅਕਤੂਬਰ ਨੂੰ ਦਿੱਲੀ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਇਸ ਵਿੱਚ ਸੀਨੀਅਰ ਵਕੀਲ ਕਪਿਲ ਸਿੱਬਲ, ਪ੍ਰਸ਼ਾਂਤ ਭੂਸ਼ਣ ਅਤੇ ਅਦਾਕਾਰ ਪ੍ਰਕਾਸ਼ ਰਾਜ ਵੀ ਸ਼ਾਮਲ ਹੋਏ।

CJP ਵੱਲੋਂ ਵਿਸ਼ੇਸ਼ ਤੀਬਰ ਸੁਧਾਈ (SIR) ਪ੍ਰਕਿਰਿਆ ਰੋਕਣ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਪਾਰਟੀ ਨੇ ਦਿੱਲੀ ਦੇ ਕਨਾਟ ਪਲੇਸ ਸਥਿਤ ਸੈਂਟਰਲ ਪਾਰਕ ਵਿੱਚ ਤਿਰੰਗਾ ਲਹਿਰਾ ਕੇ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਹੈ।

‘ਤਿਰੰਗਾ ਲਹਿਰਾਉਣਾ ਵੀ ਕਾਨੂੰਨ ਦੀ ਉਲੰਘਣਾ ਬਣਾ ਦਿੱਤਾ’
ਅਭਿਜੀਤ ਦੀਪਕੇ ਨੇ ਦੋਸ਼ ਲਾਇਆ ਕਿ ਸਰਕਾਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਚਾਉਣ ਲਈ ਪ੍ਰਦਰਸ਼ਨਕਾਰੀਆਂ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਤਿਰੰਗਾ ਲਹਿਰਾਉਣ ਨੂੰ ਵੀ ਕਾਨੂੰਨ ਦੀ ਉਲੰਘਣਾ ਮੰਨਿਆ ਜਾ ਰਿਹਾ ਹੈ।

ਨੇਹਾ ਬੋਰਾ ਨੇ ਕਿਹਾ ਕਿ ਹਿਰਾਸਤ ਵਿੱਚ ਲੈਣ ਜਾਂ ਕੁੱਟਮਾਰ ਕਰਨ ਨਾਲ ਅੰਦੋਲਨ ਨਹੀਂ ਰੁਕੇਗਾ। ਉਨ੍ਹਾਂ ਮੁਤਾਬਕ ਇਹ ਸੰਘਰਸ਼ ਕਿਸੇ ਇੱਕ ਝੰਡੇ, ਪਾਰਟੀ ਜਾਂ ਵਿਅਕਤੀ ਤੱਕ ਸੀਮਤ ਨਹੀਂ ਹੈ, ਸਗੋਂ ਦਿੱਲੀ ਤੋਂ ਮੁੰਬਈ ਤੱਕ ਜਾਰੀ ਹੈ।

ਪ੍ਰਕਾਸ਼ ਰਾਜ ਅਤੇ ਪ੍ਰਸ਼ਾਂਤ ਭੂਸ਼ਣ ਨੇ ਵੀ ਸਰਕਾਰ ਨੂੰ ਘੇਰਿਆ
ਅਦਾਕਾਰ ਪ੍ਰਕਾਸ਼ ਰਾਜ ਨੇ ਤਨਜ਼ ਕਰਦਿਆਂ ਕਿਹਾ ਕਿ ਜਿਹੜੇ ਲੋਕ ਬਚਪਨ ਵਿੱਚ ਮਗਰਮੱਛ ਤੋਂ ਨਹੀਂ ਡਰਦੇ ਸਨ, ਉਹ ਅੱਜ ਕਾਕਰੋਚ ਤੋਂ ਡਰ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਜੰਤਰ-ਮੰਤਰ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ, ਪਰ ਹੁਣ ਉਹ ਦੇਸ਼ ਦੇ ਹਰ ਜ਼ਿਲ੍ਹੇ ਅਤੇ ਪਿੰਡ ਨੂੰ ਜੰਤਰ-ਮੰਤਰ ਬਣਾਉਣ ਦਾ ਫ਼ੈਸਲਾ ਕਰ ਚੁੱਕੇ ਹਨ।

ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਾ ਕੋਈ ਅਪਰਾਧ ਨਹੀਂ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਦੀ ਕਥਿਤ ਸਖ਼ਤੀ ਜਾਰੀ ਰਹੀ ਤਾਂ ਸੱਤਾ ਬਦਲਣ ਦੀ ਲੋੜ ਪਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਤਾਨਾਸ਼ਾਹੀ ਸਰਕਾਰ ਨਹੀਂ ਚੱਲ ਸਕਦੀ।

ਹਾਈਕੋਰਟ ਨੇ ਪ੍ਰਦਰਸ਼ਨ ’ਤੇ ਰੋਕ ਲਾਉਣ ਬਾਰੇ ਹੁਕਮ ਦੇਣ ਤੋਂ ਕੀਤਾ ਇਨਕਾਰ
ਇਸ ਦੌਰਾਨ ਦਿੱਲੀ ਹਾਈਕੋਰਟ ਨੇ 16 ਅਕਤੂਬਰ ਨੂੰ CJP ਦੇ ਪ੍ਰਦਰਸ਼ਨ ’ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਦਿੱਲੀ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਪ੍ਰਦਰਸ਼ਨ ਨੂੰ ਕੰਟਰੋਲ ਕਰਨ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ। CJP ਵੱਲੋਂ SIR ਪ੍ਰਕਿਰਿਆ ਰੋਕਣ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।