CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ ਨਾ ਮਿਲਣ ਦਾ ਮਾਮਲਾ ਹਾਈਕੋਰਟ ਪਹੁੰਚਿਆ

Top Trending News ਪੰਜਾਬ
  • CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ ਨਾ ਮਿਲਣ ਦਾ ਮਾਮਲਾ ਹਾਈਕੋਰਟ ਪਹੁੰਚਿਆ

ਚੰਡੀਗੜ੍ਹ: 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਸਤਾਵਿਤ ਫਰਾਂਸ ਯਾਤਰਾ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਾ ਦਿੱਤੇ ਜਾਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਪੰਜਾਬ ਸਰਕਾਰ ਨੇ ਵੀਰਵਾਰ ਨੂੰ ਵਿਦੇਸ਼ ਮੰਤਰਾਲੇ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਦੋਸ਼ ਲਾਇਆ ਕਿ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਨ ਦੇ ਬਾਵਜੂਦ ਯਾਤਰਾ ਦੀ ਮਨਜ਼ੂਰੀ ਬਿਨਾਂ ਕੋਈ ਕਾਰਨ ਦੱਸੇ ਰੱਦ ਕਰ ਦਿੱਤੀ ਗਈ।

ਸਰਕਾਰ ਮੁਤਾਬਕ, ਵਿਦੇਸ਼ ਮੰਤਰਾਲੇ ਦੇ ਆਨਲਾਈਨ ਪੋਰਟਲ ’ਤੇ ਅਰਜ਼ੀ ਦਾ ਸਟੇਟਸ ਸਿਰਫ਼ ‘ਡਿਨਾਈਡ’ (ਅਸਵੀਕਾਰ) ਦਿਖਾਇਆ ਗਿਆ ਹੈ। ਇਸ ਵਿੱਚ ਮਨਜ਼ੂਰੀ ਨਾ ਦੇਣ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ। ਮਾਮਲੇ ਦੀ ਤੁਰੰਤ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਸ਼ੁੱਕਰਵਾਰ ਸਵੇਰ ਤੱਕ ਆਪਣਾ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।

15 ਤੋਂ 21 ਅਕਤੂਬਰ ਤੱਕ ਜਾਣਾ ਸੀ ਫਰਾਂਸ
ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ, ਮੁੱਖ ਸਕੱਤਰ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ 15 ਤੋਂ 21 ਅਕਤੂਬਰ ਤੱਕ ਫਰਾਂਸ ਦਾ ਦੌਰਾ ਕਰਨਾ ਸੀ। ਇਸ ਦੌਰਾਨ ਵਫ਼ਦ ਨੇ ਪੈਰਿਸ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਖੁਰਾਕ ਵਪਾਰ ਮੇਲੇ SIAL Paris 2026 ਵਿੱਚ ਸ਼ਮੂਲੀਅਤ ਕਰਨੀ ਸੀ।

ਇਹ ਪ੍ਰਦਰਸ਼ਨੀ 17 ਤੋਂ 21 ਅਕਤੂਬਰ ਤੱਕ ਕਰਵਾਈ ਜਾਣੀ ਹੈ। ਯਾਤਰਾ ਦੀ ਮਨਜ਼ੂਰੀ ਨਾ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਅਦਾਲਤ ਦਾ ਰੁਖ਼ ਕੀਤਾ ਹੈ। ਹੁਣ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੇ ਜਵਾਬ ਤੋਂ ਬਾਅਦ ਅਗਲੀ ਕਾਰਵਾਈ ਤੈਅ ਹੋਵੇਗੀ।