- ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ‘ਚ 11 ਘੰਟੇ ਬੰਦ ਰਿਹਾ ਪੰਜਾਬ
- ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਮਾਰਗ ਜਾਮ
- ਕਈ ਆਗੂ ਪੁਲਿਸ ਹਿਰਾਸਤ ’ਚ ਲਏ ਗਏ
- ਮਾਨਸਾ ਦੀ ਐੱਸਐੱਚਓ ਮੁਅੱਤਲ
ਮਾਨਸਾ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਵੀਰਵਾਰ (15 ਅਕਤੂਬਰ) ਨੂੰ ਪੰਜਾਬ ਬੰਦ ਰਿਹਾ। ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਨਿੱਜੀ ਸਕੂਲ ਅਤੇ ਕਾਲਜ ਬੰਦ ਰਹੇ। ਸਰਕਾਰੀ ਸਕੂਲਾਂ ਵਿੱਚ ਛੁੱਟੀ ਨਹੀਂ ਸੀ, ਪਰ ਵਿਦਿਆਰਥੀਆਂ ਦੀ ਹਾਜ਼ਰੀ ਨਾ ਦੇ ਬਰਾਬਰ ਰਹੀ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਜ਼ਾਰ ਵੀ ਬੰਦ ਰਹੇ।
ਕਿਸਾਨ ਜਥੇਬੰਦੀਆਂ ਨੇ ਬੰਦ ਦੇ ਸਮਰਥਨ ਵਿੱਚ ਲੁਧਿਆਣਾ, ਬਠਿੰਡਾ ਅਤੇ ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਕੌਮੀ ਮਾਰਗਾਂ ’ਤੇ ਜਾਮ ਲਗਾਏ। ਇਸ ਦੌਰਾਨ ਜਲੰਧਰ, ਬਠਿੰਡਾ ਅਤੇ ਫ਼ਰੀਦਕੋਟ ਵਿੱਚ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਮਾਨਸਾ ਸਿਟੀ-2 ਦੀ ਐੱਸਐੱਚਓ ਮੁਅੱਤਲ
ਇਸ ਮਾਮਲੇ ਵਿੱਚ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਮਾਨਸਾ ਸਿਟੀ ਥਾਣਾ-2 ਦੀ ਐੱਸਐੱਚਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਵਿਰੁੱਧ ਜਾਂਚ ਕਰਵਾਉਣ ਲਈ ਡੀਜੀਪੀ ਦਫ਼ਤਰ ਨੂੰ ਸਿਫ਼ਾਰਸ਼ ਭੇਜੀ ਗਈ ਹੈ।
ਪਿਤਾ ਵੱਲੋਂ ਲਾਸ਼ ਲੈਣ ਤੋਂ ਇਨਕਾਰ, ਸੀਬੀਆਈ ਜਾਂਚ ਦੀ ਮੰਗ
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਮਾਨਸਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੋਸ਼ ਹੈ ਕਿ ਨਸ਼ਾ ਵੇਚਣ ਦਾ ਵਿਰੋਧ ਕਰਨ ਕਾਰਨ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨੇ ਉਨ੍ਹਾਂ ’ਤੇ ਗੋਲੀਆਂ ਚਲਾਈਆਂ। ਪਰਵਿੰਦਰ ਦੇ ਪਿਤਾ ਭੀਮ ਸਿੰਘ ਨੇ ਆਪਣੇ ਪੁੱਤਰ ਦੀ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇਸ ਕਤਲ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਕਤਲ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਜਾਰੀ ਹਨ।







