ਮੋਗਾ ਬੱਸ ਸਾੜਨ ਤੇ ਗੋਲੀਬਾਰੀ ਮਾਮਲੇ ’ਚ ਵੱਡਾ ਫੈਸਲਾ, Dera Sirsa ਦੇ ਸਾਰੇ 9 ਮੁਲਜ਼ਮ ਬਰੀ
ਚੰਡੀਗੜ੍ਹ, 16 ਅਕਤੂਬਰ: ਸਾਲ 2011 ਵਿੱਚ ਮੋਗਾ ਵਿਖੇ ਪੀਆਰਟੀਸੀ ਬੱਸ ਸਾੜਨ ਅਤੇ ਗੋਲੀਬਾਰੀ ਨਾਲ ਜੁੜੇ ਮਾਮਲੇ ਵਿੱਚ ਚੰਡੀਗੜ੍ਹ ਦੀ ਅਦਾਲਤ ਨੇ ਡੇਰਾ ਸੱਚਾ ਸੌਦਾ (Dera Sirsa) ਦੇ ਸਾਰੇ 9 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਐਡੀਸ਼ਨਲ ਸੈਸ਼ਨ ਜੱਜ ਅਰਵਿੰਦ ਕੁਮਾਰ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ’ਤੇ ਇਸ ਕੇਸ ਦੀ ਸੁਣਵਾਈ ਮੋਗਾ ਤੋਂ ਚੰਡੀਗੜ੍ਹ ਤਬਦੀਲ ਕੀਤੀ ਗਈ ਸੀ।
ਬਰੀ ਕੀਤੇ ਗਏ ਵਿਅਕਤੀਆਂ ਵਿੱਚ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਦੀਪ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ, ਨਰਿੰਦਰ ਸ਼ਰਮਾ, ਸੰਦੀਪ ਸਿੰਘ ਅਤੇ ਪਿਰਥੀ ਸਿੰਘ ਸ਼ਾਮਲ ਹਨ। ਇਸ ਕੇਸ ਦੇ ਦੋ ਹੋਰ ਮੁਲਜ਼ਮ ਮਹਿੰਦਰ ਪਾਲ ਬਿੱਟੂ ਅਤੇ ਪ੍ਰਦੀਪ ਸਿੰਘ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ।
ਪੁਲਿਸ ਨੇ 7 ਮਾਰਚ 2011 ਨੂੰ ਮੋਗਾ ਦੇ ਕੋਟਕਪੂਰਾ ਬਾਈਪਾਸ ਸਥਿਤ ਨਾਮ ਚਰਚਾ ਘਰ ਨੇੜੇ ਹਿੰਸਾ, ਬੱਸ ਦੀ ਭੰਨਤੋੜ ਅਤੇ ਅੱਗ ਲਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਸੀ। ਸ਼ੁਰੂ ਵਿੱਚ ਪੁਲਿਸ ਨੇ ਅਨਟਰੇਸ ਰਿਪੋਰਟ ਪੇਸ਼ ਕੀਤੀ ਸੀ, ਪਰ 2018 ਵਿੱਚ ਮਹਿੰਦਰ ਪਾਲ ਬਿੱਟੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਈ ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ।
ਬਚਾਅ ਪੱਖ ਦੇ ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਮੁਲਜ਼ਮਾਂ ਨੂੰ ਝੂਠੇ ਤੌਰ ’ਤੇ ਫਸਾਇਆ ਗਿਆ ਹੈ ਅਤੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਉਠਾਏ ਸਨ। ਅਦਾਲਤ ਨੇ ਸੁਣਵਾਈ ਤੋਂ ਬਾਅਦ ਸਾਰੇ 9 ਮੁਲਜ਼ਮਾਂ ਨੂੰ ਬਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ।







