- ਸਵੀਡਿਸ਼ ਸਿੱਖ ਭਾਈਚਾਰੇ ਦੇ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
- ਮੁੱਖ ਮੰਤਰੀ ਦੀ ਸਵੀਡਨ ਆਮਦ ‘ਤੇ ਕੀਤਾ ਗਿਆ ਭਰਵਾਂ ਸਵਾਗਤ, ਨਿਵੇਸ਼, ਰੁਜ਼ਗਾਰ ਅਤੇ ਨੌਜਵਾਨਾਂ ਦੇ ਸਸ਼ਕਤੀਕਰਨ ‘ਤੇ ਹੋਈ ਅਹਿਮ ਚਰਚਾ
ਚੰਡੀਗੜ੍ਹ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸਵੀਡਨ ਵਿੱਚ ਵੱਸਦੇ ਸਿੱਖ ਭਾਈਚਾਰੇ ਦੇ ਇੱਕ ਵਫ਼ਦ ਨੇ ਇੰਡੀਆ ਹਾਊਸ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਵਫ਼ਦ ਦੇ ਸਾਰੇ ਮੈਂਬਰਾਂ ਨੇ ਮੁੱਖ ਮੰਤਰੀ ਦੀ ਸਵੀਡਨ ਫੇਰੀ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੁਲਾਕਾਤ ਦੌਰਾਨ ਕੈਬਨਿਟ ਮੰਤਰੀ ਵਿਪੁਲ ਗੋਇਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਮੁਲਾਕਾਤ ਦੌਰਾਨ ਵਫ਼ਦ ਦੇ ਮੈਂਬਰ ਮੁੱਖ ਮੰਤਰੀ ਨੂੰ ਮਿਲ ਕੇ ਬਹੁਤ ਖੁਸ਼ ਨਜ਼ਰ ਆਏ। ਦੋਵਾਂ ਧਿਰਾਂ ਵਿਚਕਾਰ ਕਈ ਅਹਿਮ ਵਿਸ਼ਿਆਂ ‘ਤੇ ਵਿਸਤਾਰ ਨਾਲ ਚਰਚਾ ਹੋਈ। ਚਰਚਾ ਵਿੱਚ ਹਰਿਆਣਾ ਵਿੱਚ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਸਸ਼ਕਤ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਵਫ਼ਦ ਦੇ ਮੈਂਬਰਾਂ ਨੇ ਕਿਹਾ ਕਿ ਹਰਿਆਣਾ ਨਿਵੇਸ਼ ਅਤੇ ਰੁਜ਼ਗਾਰ ਪੈਦਾ ਕਰਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਦੇ ਯਤਨਾਂ ‘ਤੇ ਵੀ ਚਰਚਾ ਕੀਤੀ। ਪ੍ਰਤੀਨਿਧੀਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ੇ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਕਾਸ ਅਤੇ ਰੁਜ਼ਗਾਰ ਦੀ ਦਿਸ਼ਾ ਵਿੱਚ ਮਿਲ ਕੇ ਅੱਗੇ ਵਧਣ ਦੀ ਲੋੜ ‘ਤੇ ਜ਼ੋਰ ਦਿੱਤਾ।
ਵਫ਼ਦ ਦੇ ਮੈਂਬਰਾਂ ਨੇ ਮੁੱਖ ਮੰਤਰੀ ਦੇ ਇਸ ਦੌਰੇ ਨੂੰ ਸ਼ਲਾਘਾਯੋਗ ਦੱਸਿਆ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਦਾ ਸਵੀਡਨ ਆਉਣਾ ਅਤੇ ਨਿਵੇਸ਼ ਤੇ ਰੁਜ਼ਗਾਰ ਦੇ ਖੇਤਰ ਵਿੱਚ ਕੰਮ ਕਰਨਾ ਦੇਸ਼ ਅਤੇ ਸਮਾਜ ਲਈ ਇੱਕ ਸਕਾਰਾਤਮਕ ਪਹਿਲ ਹੈ। ਇਹ ਯਤਨ ਨਾ ਸਿਰਫ਼ ਹਰਿਆਣਾ ਸਗੋਂ ਪੂਰੇ ਦੇਸ਼ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਲਾਹੇਵੰਦ ਸਾਬਤ ਹੋਵੇਗਾ। ਮੁਲਾਕਾਤ ਦੌਰਾਨ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਦੋਵਾਂ ਧਿਰਾਂ ਨੇ ਭਵਿੱਖ ਵਿੱਚ ਸਹਿਯੋਗ ਵਧਾਉਣ ਅਤੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਸਹਿਮਤੀ ਪ੍ਰਗਟਾਈ।







