ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕੇਵਲ ਢਿੱਲੋਂ ਨੇ ਬੰਨ੍ਹੀ ਕਾਲੀ ਪੱਗ, ‘ਆਪ’ ਸਰਕਾਰ ਖ਼ਿਲਾਫ਼ ਰੋਸ
ਚੰਡੀਗੜ੍ਹ, 18 ਅਕਤੂਬਰ 2026: ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਵਿੱਚ ਪੀੜਤ ਪਰਿਵਾਰ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਲੀ ਪੱਗ ਬੰਨ੍ਹ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਹੈ।
ਕੇਵਲ ਸਿੰਘ ਢਿੱਲੋਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਕਾਲੀ ਪੱਗ ਬੰਨ੍ਹ ਕੇ ਆਪਣਾ ਵਿਰੋਧ ਦਰਜ ਕਰਵਾਉਂਦੇ ਰਹਿਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ ਇਸ ਸੰਘਰਸ਼ ਵਿੱਚ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਰਹੇਗੀ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਕੇਵਲ ਸਿੰਘ ਢਿੱਲੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਮੋਰਚੇ ਵਿੱਚ ਸ਼ਾਮਲ ਹੋਏ ਸਨ। ਇਸ ਮੌਕੇ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਅਤੇ ਕਾਲੇ ਝੰਡਿਆਂ ਰਾਹੀਂ ਰੋਸ ਪ੍ਰਗਟਾਇਆ ਜਾਵੇ।
ਦੱਸਿਆ ਗਿਆ ਹੈ ਕਿ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਮੌਕੇ ’ਤੇ ਮੌਜੂਦ ਸੰਗਤ ਨੇ ਇਸ ਅਪੀਲ ਨੂੰ ਪ੍ਰਵਾਨਗੀ ਦਿੱਤੀ। ਇਸ ਮਾਮਲੇ ਨੂੰ ਲੈ ਕੇ ਹੁਣ ਸਰਕਾਰ ’ਤੇ ਇਨਸਾਫ਼ ਯਕੀਨੀ ਬਣਾਉਣ ਲਈ ਦਬਾਅ ਵਧ ਰਿਹਾ ਹੈ।







