ਪੰਜਾਬ ਭਰ ’ਚ ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਹੱਲਾ ਬੋਲ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ

Top Trending News ਪੰਜਾਬ

 

ਪੰਜਾਬ ਭਰ ’ਚ ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਹੱਲਾ ਬੋਲ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ

ਬਰਨਾਲਾ, 21 ਅਕਤੂਬਰ 2026: ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਹੋਣ ਦੇ ਵਿਰੋਧ ਵਿੱਚ ਗੌਰਮਿੰਟ ਟੀਚਰ ਯੂਨੀਅਨ ਅਤੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਬਰਨਾਲਾ ਵਿੱਚ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨਾਂ ਵਿੱਚ ਸਰਕਾਰੀ ਤੇ ਕੱਚੇ ਮੁਲਾਜ਼ਮਾਂ, ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਆਗੂਆਂ ਨੇ ਐਲਾਨ ਕੀਤਾ ਕਿ ਅਗਲੇ ਦਿਨ ਪੰਜਾਬ ਭਰ ਵਿੱਚ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ।

ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਮੱਲ੍ਹੀਆ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਉਨ੍ਹਾਂ ਕੱਚੇ ਮੁਲਾਜ਼ਮਾਂ ਅਤੇ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਦੇ ਮਿਹਨਤਾਨੇ ਵਿੱਚ ਵਾਧਾ ਕਰਨ ਦੀ ਮੰਗ ਕੀਤੀ। ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਮਹਿੰਗਾਈ ਭੱਤੇ ਦੇ ਬਕਾਏ ਸਬੰਧੀ ਮਸਲੇ ਹੱਲ ਕਰਨ ’ਤੇ ਵੀ ਜ਼ੋਰ ਦਿੱਤਾ।

ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਜਿੰਦਰ ਪ੍ਰਭੂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਨਾਲ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਕਰਨਾ ਮੁਲਾਜ਼ਮਾਂ ਦਾ ਜਮਹੂਰੀ ਹੱਕ ਹੈ।

ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 27 ਤਰੀਕ ਨੂੰ ਹੋਣ ਵਾਲੇ ਸੰਘਰਸ਼ ਸਮੇਤ ਅਗਲੇ ਪੜਾਅ ਹੋਰ ਤਿੱਖੇ ਕੀਤੇ ਜਾਣਗੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਮੰਗਾਂ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।