ਵੱਡੀ ਖ਼ਬਰ: ਆਸਟ੍ਰੇਲੀਆ ’ਚ ਮਹਿਲਾ ਸੰਸਦ ਮੈਂਬਰ ਨੂੰ ਕਾਰ ਨਾਲ ਕੁਚਲਿਆ, ਗੰਭੀਰ ਜ਼ਖ਼ਮੀ; ਰਿਪੋਰਟਾਂ ਮੁਤਾਬਕ ਕੱਟਣੀ ਪਈ ਲੱਤ
ਵਾਂਗਰਾਟਾ, 21 ਅਕਤੂਬਰ 2026: ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਵਿੱਚ ਇੱਕ ਮਹਿਲਾ ਸੰਸਦ ਮੈਂਬਰ ਨੂੰ ਕਾਰ ਨਾਲ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 65 ਸਾਲਾ ਆਜ਼ਾਦ ਸੰਸਦ ਮੈਂਬਰ ਹੈਲਨ ਹੇਨਜ਼ ਨੂੰ ਸੋਮਵਾਰ ਦੁਪਹਿਰ ਵਾਂਗਰਾਟਾ ਸ਼ਹਿਰ ਵਿੱਚ ਉਨ੍ਹਾਂ ਦੇ ਚੋਣ ਦਫ਼ਤਰ ਦੇ ਬਾਹਰ ਇੱਕ ਟੋਇਟਾ ਲੈਂਡ ਕਰੂਜ਼ਰ ਨੇ ਟੱਕਰ ਮਾਰ ਦਿੱਤੀ।
ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਈ ਸੰਸਦ ਮੈਂਬਰ ਨੂੰ ਤੁਰੰਤ ਇਲਾਜ ਲਈ ਮੈਲਬੌਰਨ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮੀਡੀਆ ਰਿਪੋਰਟਾਂ ਮੁਤਾਬਕ, ਉਨ੍ਹਾਂ ਦੀ ਜਾਨ ਬਚਾਉਣ ਲਈ ਡਾਕਟਰਾਂ ਨੂੰ ਉਨ੍ਹਾਂ ਦੀ ਇੱਕ ਲੱਤ ਕੱਟਣੀ ਪਈ। ਹਾਲਾਂਕਿ, ਉਨ੍ਹਾਂ ਦੀ ਮੌਜੂਦਾ ਸਿਹਤ ਬਾਰੇ ਹੋਰ ਵੇਰਵੇ ਸਾਹਮਣੇ ਆਉਣੇ ਬਾਕੀ ਹਨ।
ਘਟਨਾ ਤੋਂ ਬਾਅਦ ਇੱਕ ਰਾਹਗੀਰ ਦੀ ਮਦਦ ਨਾਲ 43 ਸਾਲਾ ਕਾਰ ਚਾਲਕ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਸੰਭਾਵਨਾ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ ਕਿ ਸੰਸਦ ਮੈਂਬਰ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਸੀ।
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਘਟਨਾ ’ਤੇ ਚਿੰਤਾ ਜ਼ਾਹਰ ਕਰਦਿਆਂ ਹੈਲਨ ਹੇਨਜ਼ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਇਸ ਘਟਨਾ ਨੇ ਸਿਆਸੀ ਹਲਕਿਆਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ।







