ਪੰਜਾਬ ‘ਚ ਭਿਆਨਕ ਸੜਕ ਹਾਦਸਾ; ਪਤੀ-ਪਤਨੀ ਦੀ ਮੌਤ
ਮੋਗਾ 21 ਅਕਤੂਬਰ 2026
ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਭਾਗਪੁਰ ਗਗੜਾ ਨੇੜੇ ਮੋਗਾ-ਅੰਮ੍ਰਿਤਸਰ ਰਾਜ ਮਾਰਗ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਦੂਜੀ ਗੱਡੀ ਦਾ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਕਾਰ ਅਤੇ ਸਕਾਰਪੀਓ ਵਿਚਾਲੇ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ, ਹਰਿਆਣਾ ਦੇ ਰਤੀਆ ਸ਼ਹਿਰ ਦੇ ਰਹਿਣ ਵਾਲੇ ਕੁਲਦੀਪ ਸਿੰਘ ਅਤੇ ਉਨ੍ਹਾਂ ਦੀ ਪਤਨੀ ਕੀਆ ਕਾਰ ਵਿੱਚ ਸਵਾਰ ਹੋ ਕੇ ਅੰਮ੍ਰਿਤਸਰ ਵੱਲ ਜਾ ਰਹੇ ਸਨ। ਇਸੇ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਪੱਖਰ ਸਿੰਘ ਪੁੱਤਰ ਅਵਤਾਰ ਸਿੰਘ ਆਪਣੀ ਸਕਾਰਪੀਓ ਗੱਡੀ ਵਿੱਚ ਮੋਗਾ ਵੱਲ ਆ ਰਿਹਾ ਸੀ। ਪਿੰਡ ਗਗੜਾ ਨੇੜੇ ਦੋਵਾਂ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਕੀਆ ਕਾਰ ਸੜਕ ਤੋਂ ਦੂਰ ਖੇਤਾਂ ਵਿੱਚ ਜਾ ਡਿੱਗੀ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ ਵਿੱਚ ਸਵਾਰ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ। ਲੋਕਾਂ ਦੀ ਮਦਦ ਨਾਲ ਸਕਾਰਪੀਓ ਚਾਲਕ ਨੂੰ ਬਾਹਰ ਕੱਢ ਕੇ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।
ਥਾਣਾ ਕੋਟ ਈਸੇ ਖਾਂ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।







