ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੀ ਸਾੜੀ ਅਰਥੀ!

Top Trending News ਪੰਜਾਬ

ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਸਰਕਾਰ ਵਿਰੁੱਧ ਰੋਸ, ਅਰਥੀ ਫੂਕ ਕੇ ਮੰਗਾਂ ਮਨਵਾਉਣ ਲਈ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 22 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਰੋਸ ਲਗਾਤਾਰ ਤੇਜ਼ ਹੋ ਰਿਹਾ ਹੈ। ਸਮੂਹਿਕ ਛੁੱਟੀ ਦੇ ਦੂਜੇ ਦਿਨ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਭਵਾਨੀਗੜ੍ਹ ਵਿੱਚ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।

ਇਹ ਰੋਸ ਪ੍ਰਦਰਸ਼ਨ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਕੀਤਾ ਗਿਆ। ਜਥੇਬੰਦੀਆਂ ਵੱਲੋਂ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਪ੍ਰਦਰਸ਼ਨਕਾਰੀ ਸਥਾਨਕ ਪੈਨਸ਼ਨਰ ਦਫ਼ਤਰ ਵਿਖੇ ਇਕੱਠੇ ਹੋਏ, ਜਿੱਥੋਂ ਉਨ੍ਹਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ। ਇਸ ਉਪਰੰਤ ਸ਼ਹੀਦ ਭਗਤ ਸਿੰਘ ਚੌਕ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ।

ਇਸ ਮੌਕੇ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਨਾਲ ਕੀਤੀ ਜਾ ਰਹੀ ਵਾਅਦਾਖ਼ਿਲਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰੱਖਣਗੀਆਂ।