- ਪਰਵਿੰਦਰ ਝੋਟਾ ਕਤਲ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ ਪੰਜ ਦਿਨ ਦਾ ਰਿਮਾਂਡ
ਮਾਨਸਾ, 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜ਼ਮ ਅਸ਼ਵਨੀ ਨੂੰ ਅੱਜ ਮੁਹਾਲੀ ਦੀ ਕੋਰਟ ਵਿਚ ਪੇਸ਼ ਕੀਤਾ ਗਿਆ। ਸੀ.ਬੀ.ਆਈ. ਨੂੰ ਅਸ਼ਵਨੀ ਕੁਮਾਰ ਦਾ ਪੰਜ ਦਿਨ ਦਾ ਰਿਮਾਂਡ ਮਿਲਿਆ ਹੈ।
ਇਸ ਤੋਂ ਪਹਿਲਾਂ ਅੱਜ ਝੋਟਾ ਦੇ ਕਤਲ ਮਾਮਲੇ ਵਿੱਚ ਸ਼ੁੱਕਰਵਾਰ, 23 ਅਕਤੂਬਰ ਨੂੰ ਐਕਸ਼ਨ ਕਮੇਟੀ ਅਤੇ ਵਿਸ਼ੇਸ਼ ਜਾਂਚ ਟੀਮ (SIT) ਵਿਚਕਾਰ ਮੀਟਿੰਗ ਹੋਈ। ਇਸ ਦੌਰਾਨ ਐਕਸ਼ਨ ਕਮੇਟੀ ਅਤੇ ਪਰਿਵਾਰ ਵੱਲੋਂ ਰੱਖੀਆਂ ਗਈਆਂ 14 ਮੰਗਾਂ ਵਿੱਚੋਂ 12 ਮੰਨ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਤੋਂ ਇਲਾਵਾ ਬਾਕੀ ਮੰਗਾਂ ’ਤੇ ਸਹਿਮਤੀ ਬਣੀ ਹੈ।
ਐੱਸਆਈਟੀ ਵੱਲੋਂ ਮੰਗਾਂ ਸਬੰਧੀ ਐਕਸ਼ਨ ਕਮੇਟੀ ਨੂੰ ਲਿਖਤੀ ਪੱਤਰ ਵੀ ਸੌਂਪਿਆ ਗਿਆ ਹੈ। ਸਰਕਾਰ ਵੱਲੋਂ ਮਿਲੇ ਪੱਤਰ ’ਤੇ ਵਿਚਾਰ ਕਰਨ ਲਈ ਐਕਸ਼ਨ ਕਮੇਟੀ ਨੇ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਕਰਵਾਉਣ ਅਤੇ ਮ੍ਰਿਤਕ ਦੇਹ ਨੂੰ ਪੀਜੀਆਈ ਚੰਡੀਗੜ੍ਹ ਭੇਜਣ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ।
ਫਾਰਮੇਸੀ ਕੌਂਸਲ ਨੇ ਮੁਲਜ਼ਮ ਦੀ ਰਜਿਸਟ੍ਰੇਸ਼ਨ ਕੀਤੀ ਰੱਦ
ਪੰਜਾਬ ਫਾਰਮੇਸੀ ਕੌਂਸਲ ਦੀ ਕਾਰਜਕਾਰੀ ਕਮੇਟੀ ਨੇ 20 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਵਜੋਂ ਰਜਿਸਟ੍ਰੇਸ਼ਨ ਰੱਦ ਕਰਨ ਦਾ ਫ਼ੈਸਲਾ ਲਿਆ ਸੀ। ਇਸ ਸਬੰਧੀ ਰਜਿਸਟਰਾਰ ਨੇ 22 ਅਕਤੂਬਰ ਨੂੰ ਪੱਤਰ ਜਾਰੀ ਕੀਤਾ। ਹੁਕਮਾਂ ਅਨੁਸਾਰ ਅਸ਼ਵਨੀ ਕੁਮਾਰ ਦਾ ਨਾਮ ਰਜਿਸਟਰਡ ਫਾਰਮਾਸਿਸਟਾਂ ਦੇ ਅਧਿਕਾਰਤ ਰਜਿਸਟਰ ਵਿੱਚੋਂ ਹਟਾ ਦਿੱਤਾ ਗਿਆ ਹੈ।







