CM ਮਾਨ ਅੱਜ 100 ਨਵੀਆਂ ਸਰਕਾਰੀ ਬੱਸਾਂ ਨੂੰ ਦੇਣਗੇ ਹਰੀ ਝੰਡੀ
ਪਟਿਆਲਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦਾ ਦੌਰਾ ਕਰਨਗੇ ਅਤੇ ਸੂਬਾ ਵਾਸੀਆਂ ਨੂੰ ਜਨਤਕ ਆਵਾਜਾਈ ਨਾਲ ਜੁੜੀ ਵੱਡੀ ਸਹੂਲਤ ਦੇਣਗੇ। ਇਸ ਮੌਕੇ ਮੁੱਖ ਮੰਤਰੀ ਵੱਲੋਂ 100 ਨਵੀਆਂ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ।
ਇਹ ਨਵੀਆਂ ਬੱਸਾਂ ਮੁੱਖ ਤੌਰ ’ਤੇ ਪੇਂਡੂ ਖੇਤਰਾਂ ਅਤੇ ਛੋਟੇ ਸ਼ਹਿਰਾਂ ਨੂੰ ਜੋੜਨ ਵਾਲੇ ਰਸਤਿਆਂ ’ਤੇ ਚਲਾਈਆਂ ਜਾਣਗੀਆਂ। ਇਨ੍ਹਾਂ ਬੱਸਾਂ ਦੇ ਚੱਲਣ ਨਾਲ ਪਿੰਡਾਂ ਅਤੇ ਛੋਟੇ ਸ਼ਹਿਰਾਂ ਤੋਂ ਰੋਜ਼ਾਨਾ ਰੁਜ਼ਗਾਰ, ਕਾਰੋਬਾਰ ਅਤੇ ਹੋਰ ਜ਼ਰੂਰੀ ਕੰਮਾਂ ਲਈ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਖ਼ਾਸ ਕਰਕੇ ਉਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ, ਜਿੱਥੇ ਜਨਤਕ ਆਵਾਜਾਈ ਦੀ ਸਹੂਲਤ ਸੀਮਤ ਹੈ।
ਨਵੀਆਂ ਸਰਕਾਰੀ ਬੱਸਾਂ ਦੀ ਸੇਵਾ ਸ਼ੁਰੂ ਹੋਣ ਨਾਲ ਆਵਾਜਾਈ ਦੇ ਸਾਧਨਾਂ ਵਿੱਚ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਆਉਣ-ਜਾਣ ਵਿੱਚ ਵਧੇਰੇ ਸਹੂਲਤ ਮਿਲੇਗੀ।
ਇਸ ਤੋਂ ਇਲਾਵਾ ਨਵੀਆਂ ਬੱਸਾਂ ਦੇ ਸੰਚਾਲਨ ਨਾਲ ਲਗਭਗ 150 ਚਾਲਕਾਂ ਅਤੇ ਪਰਚਾਲਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਸਰਕਾਰ ਵੱਲੋਂ ਇਸ ਕਦਮ ਨੂੰ ਪੇਂਡੂ ਅਤੇ ਛੋਟੇ ਸ਼ਹਿਰੀ ਖੇਤਰਾਂ ਵਿੱਚ ਜਨਤਕ ਆਵਾਜਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਉਪਰਾਲਾ ਦੱਸਿਆ ਜਾ ਰਿਹਾ ਹੈ।







