- ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ
- ਪੁਲਿਸ ਟੀਮਾਂ ਨੇ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
- ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ
- ਯੁੱਧ ਨਸ਼ਿਆਂ ਵਿਰੁੱਧ ਦੇ 605ਵੇਂ ਦਿਨ 2.1 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 280ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 510 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
280ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 175 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81,076 ਹੋ ਗਈ ਹੈ।
ਇਸ ਤੋਂ ਇਲਾਵਾ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 605ਵੇਂ ਦਿਨ ਵੀ ਜਾਰੀ ਰੱਖਦਿਆਂ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 800 ਕਿਲੋ ਭੁੱਕੀ, 310 ਨਸ਼ੀਲੀਆਂ ਗੋਲੀਆਂ ਅਤੇ 3600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 605 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 88,499 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।







