ਮਾਨਸਾ ’ਚ ਨਸ਼ੇ ਨੇ ਲਈ 35 ਸਾਲਾ ਨੌਜਵਾਨ ਦੀ ਜਾਨ!

Top Trending News ਪੰਜਾਬ

ਮਾਨਸਾ ’ਚ ਨਸ਼ੇ ਨੇ ਲਈ 35 ਸਾਲਾ ਨੌਜਵਾਨ ਦੀ ਜਾਨ!

ਪਰਿਵਾਰ ਵੱਲੋਂ ਸਰਸਾ-ਮਾਨਸਾ ਰੋਡ ’ਤੇ ਧਰਨਾ, ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਮਾਨਸਾ, 27 ਅਕਤੂਬਰ

ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ 35 ਸਾਲਾ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਗੁੱਸਾ ਫੈਲ ਗਿਆ ਅਤੇ ਉਨ੍ਹਾਂ ਨੇ ਲਾਸ਼ ਨੂੰ ਸਰਸਾ-ਮਾਨਸਾ ਰੋਡ ’ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨ ਕਰ ਰਹੇ ਪਰਿਵਾਰਕ ਮੈਂਬਰਾਂ ਨੇ ਨਸ਼ਾ ਤਸਕਰੀ ਦੇ ਮੁੱਦੇ ’ਤੇ ਚਿੰਤਾ ਜ਼ਾਹਰ ਕਰਦਿਆਂ ਦੋਸ਼ ਲਾਇਆ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਨਸ਼ਾ ਵੇਚਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਹ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ।

ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ’ਤੇ ਪੈ ਰਹੇ ਇਸ ਦੇ ਮਾੜੇ ਪ੍ਰਭਾਵਾਂ ਨੂੰ ਉਜਾਗਰ ਕੀਤਾ ਹੈ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕਰਦਿਆਂ ਪ੍ਰਸ਼ਾਸਨ ਤੋਂ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਗਈ ਹੈ।

ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ਅਤੇ ਮੌਤ ਦੇ ਅਸਲ ਕਾਰਨਾਂ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।