- ਮਾਨਸਾ ’ਚ ਨੌਜਵਾਨ ਦੀ ਮੌਤ ਤੋਂ ਬਾਅਦ ਹੰਗਾਮਾ, ਝੋਟਾ ਦੇ ਇਨਸਾਫ਼ ਮੋਰਚੇ ਵੱਲ ਜਾ ਰਹੇ ਪਰਿਵਾਰ ਨੂੰ ਪੁਲਿਸ ਨੇ ਰੋਕਿਆ
- ਲੱਖਾ ਸਿਧਾਣਾ ਤੇ ਭਾਨਾ ਸਿੱਧੂ ਗ੍ਰਿਫ਼ਤਾਰ
- ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
- ਕਈ ਹਿਰਾਸਤ ’ਚ
ਮਾਨਸਾ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ 35 ਸਾਲਾ ਦਲਜੀਤ ਸਿੰਘ ਦੀ ਲਾਸ਼ ਮਿਲਣ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਪਰਿਵਾਰ ਅਤੇ ਪਿੰਡ ਵਾਸੀ ਲਾਸ਼ ਲੈ ਕੇ ਤ੍ਰਿਕੋਣੀ ਚੌਕ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਲੱਗੇ ਇਨਸਾਫ਼ ਮੋਰਚੇ ਵੱਲ ਜਾ ਰਹੇ ਸਨ। ਪੁਲਿਸ ਨੇ ਰਸਤੇ ਵਿੱਚ ਗੱਡੀਆਂ ਅਤੇ ਟਰੱਕ ਖੜ੍ਹੇ ਕਰਕੇ ਉਨ੍ਹਾਂ ਨੂੰ ਰੋਕ ਲਿਆ, ਜਿਸ ਕਾਰਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲਿਸ ਨੇ ਲਾਸ਼ ਆਪਣੇ ਕਬਜ਼ੇ ਵਿੱਚ ਲੈ ਲਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾ ਦਿੱਤਾ। ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸੇ ਦੌਰਾਨ ਪੁਲਿਸ ਨੇ ਇਨਸਾਫ਼ ਮੋਰਚੇ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਲੱਖਾ ਸਿੰਘ ਸਿਧਾਣਾ ਅਤੇ ਭਾਨਾ ਸਿੱਧੂ ਨੂੰ ਵੀ ਗ੍ਰਿਫ਼ਤਾਰ ਕਰ ਲਿਆ।
ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ
ਪਰਿਵਾਰ ਮੁਤਾਬਕ ਦਲਜੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਉਹ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। ਪਰਿਵਾਰ ਦਾ ਦੋਸ਼ ਹੈ ਕਿ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਦੱਸਿਆ ਗਿਆ ਕਿ ਉਹ ਮੰਗਲਵਾਰ ਸਵੇਰੇ ਮਾਨਸਾ ਗਿਆ ਸੀ ਅਤੇ ਨਸ਼ਾ ਲੈ ਕੇ ਵਾਪਸ ਆਉਣ ਤੋਂ ਬਾਅਦ ਉਸ ਦੀ ਲਾਸ਼ ਰਮਾਨੰਦੀ ਨੇੜੇ ਖੇਤਾਂ ਵਿੱਚੋਂ ਮਿਲੀ। ਇਸ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਸਰਸਾ-ਮਾਨਸਾ ਸੜਕ ’ਤੇ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਅਤੇ ਮਾਤਾ ਚੰਦਰ ਕੌਰ ਨੇ ਨਸ਼ਾ ਵੇਚਣ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਦਾ ਵਿਰੋਧ ਜਾਰੀ ਰਹੇਗਾ।
ਐੱਸਐੱਸਪੀ ਨੇ ਕੀ ਕਿਹਾ ?
ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਪਿੰਡ ਭੰਮੇ ਕਲਾਂ ਵਿੱਚ ਇੱਕ ਨੌਜਵਾਨ ਦੀ ਹੱਤਿਆ ਹੋਈ ਸੀ ਅਤੇ ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਕਾਰਨ ਪੁਲਿਸ ਨੂੰ ਕਾਰਵਾਈ ਕਰਨੀ ਪਈ। ਐੱਸਐੱਸਪੀ ਨੇ ਕਿਹਾ ਕਿ ਪੁਲਿਸ ਕਿਸੇ ਵੀ ਹਾਲਤ ਵਿੱਚ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਲਾਸ਼ ਦਾ ਸਸਕਾਰ ਨਹੀਂ ਕਰੇਗੀ ਅਤੇ ਅਗਲੀ ਕਾਰਵਾਈ ਪਰਿਵਾਰ ਦੀ ਸਹਿਮਤੀ ਨਾਲ ਹੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮਾਨਸਾ ਵਿੱਚ ਚੱਲ ਰਿਹਾ ਇਨਸਾਫ਼ ਮੋਰਚਾ ਸ਼ਾਂਤੀਪੂਰਨ ਢੰਗ ਨਾਲ ਜਾਰੀ ਹੈ। ਉਨ੍ਹਾਂ ਦੇ ਦਾਅਵੇ ਅਨੁਸਾਰ, ਲੱਖਾ ਸਿੰਘ ਸਿਧਾਣਾ ਨੇ ਧਰਨੇ ਦੌਰਾਨ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਾਰਨ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉੱਧਰ, ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ।







