ਭਾਰਤ ‘ਚ ਚੱਕਰਵਾਤੀ ਤੂਫ਼ਾਨ ਦੀ ਐਂਟਰੀ! ਭਾਰੀ ਮੀਂਹ ਦੇ ਨਾਲ 135 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣੀਆਂ ਸ਼ੁਰੂ
ਵਿਸ਼ਾਖਾਪਟਨਮ, 28 ਅਕਤੂਬਰ 2026
ਬੰਗਾਲ ਦੀ ਖਾੜੀ ਵਿੱਚ ਉੱਠੇ ਚੱਕਰਵਾਤੀ ਤੂਫ਼ਾਨ ‘ਅਰਨਬ’ ਨੇ ਆਂਧਰਾ ਪ੍ਰਦੇਸ਼ ਵਿੱਚ ਦਸਤਕ ਦੇ ਦਿੱਤੀ ਹੈ। ਇਹ ਤੂਫ਼ਾਨ ਅੱਜ ਸਵੇਰੇ ਕਰੀਬ 4 ਵਜੇ ਵਿਸ਼ਾਖਾਪਟਨਮ ਦੇ ਨੇੜੇ ਸਮੁੰਦਰੀ ਤੱਟ ਨਾਲ ਟਕਰਾਇਆ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 125 ਤੋਂ 135 ਕਿਲੋਮੀਟਰ ਪ੍ਰਤੀ ਘੰਟਾ ਦਰਜ ਕੀਤੀ ਗਈ, ਜੋ ਵਧ ਕੇ 150 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਦੱਸੀ ਗਈ ਹੈ।
ਤੂਫ਼ਾਨ ਦੇ ਪ੍ਰਭਾਵ ਕਾਰਨ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ, ਅਨਕਾਪੱਲੀ, ਕਾਕੀਨਾਡਾ ਅਤੇ ਕੋਨਸੀਮਾ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ।
ਪ੍ਰਸ਼ਾਸਨ ਵੱਲੋਂ ਸਾਵਧਾਨੀ ਦੇ ਤੌਰ ’ਤੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲਗਭਗ 30,000 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਇਨ੍ਹਾਂ ਲੋਕਾਂ ਨੂੰ ਕਰੀਬ 4,000 ਰਾਹਤ ਕੇਂਦਰਾਂ ਵਿੱਚ ਤਬਦੀਲ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।
ਚੱਕਰਵਾਤ ਦੇ ਮੱਦੇਨਜ਼ਰ ਪ੍ਰਭਾਵਿਤ ਇਲਾਕਿਆਂ ਵਿੱਚ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।







