ਪੰਜਾਬ ’ਚ ਨਹਿਰੀ ਪਾਣੀ ਦੀ ਵਰਤੋਂ 88 ਫ਼ੀਸਦੀ ਤੱਕ ਪਹੁੰਚੀ: ਬਲਤੇਜ ਪੰਨੂ ਦਾ ਦਾਅਵਾ
ਚੰਡੀਗੜ੍ਹ, 29 ਅਕਤੂਬਰ 2026: ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਦਾਅਵਾ ਕੀਤਾ ਹੈ ਕਿ ਭਗਵੰਤ ਮਾਨ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 21-22 ਫ਼ੀਸਦੀ ਤੋਂ ਵਧ ਕੇ ਲਗਭਗ 88 ਫ਼ੀਸਦੀ ਹੋ ਗਈ ਹੈ।
ਉਨ੍ਹਾਂ ਅਨੁਸਾਰ, ਨਹਿਰੀ ਪ੍ਰਣਾਲੀ ਨੂੰ ਮੁੜ ਚਾਲੂ ਕਰਨ ਅਤੇ ਕਰੀਬ 14 ਹਜ਼ਾਰ ਕਿਲੋਮੀਟਰ ਪਾਈਪਲਾਈਨ ਵਿਛਾਉਣ ਨਾਲ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਦੇ ਯਤਨ ਕੀਤੇ ਗਏ ਹਨ।
ਪੰਨੂ ਨੇ ਕਿਹਾ ਕਿ ਵਿਧਾਨ ਸਭਾ ਦੇ ਆਖ਼ਰੀ ਦਿਨ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਪੰਜ ਅਹਿਮ ਮਤੇ ਪੇਸ਼ ਕੀਤੇ ਗਏ। ਇਨ੍ਹਾਂ ਵਿੱਚ ਐੱਸਵਾਈਐੱਲ ਅਤੇ ਯਮੁਨਾ ਦੇ ਪਾਣੀਆਂ ਦੀ ਵੰਡ, ਰੋਪੜ, ਹਰੀਕੇ ਅਤੇ ਫ਼ਿਰੋਜ਼ਪੁਰ ਹੈੱਡਵਰਕਸ ਦਾ ਕੰਟਰੋਲ ਪੰਜਾਬ ਕੋਲ ਰੱਖਣ, ਡੈਮ ਸੇਫਟੀ ਐਕਟ-2021 ਨੂੰ ਰੱਦ ਕਰਨ ਅਤੇ ਰਾਜਸਥਾਨ ਤੋਂ ਪਾਣੀਆਂ ਦੇ ਬਕਾਏ ਦੀ ਵਸੂਲੀ ਦੇ ਮੁੱਦੇ ਸ਼ਾਮਲ ਹਨ।
ਪੰਜਵੇਂ ਮਤੇ ਵਿੱਚ ਮਾਧੋਪੁਰ ਹੈੱਡਵਰਕਸ ਤੋਂ ਪਾਕਿਸਤਾਨ ਵੱਲ ਜਾਂਦੇ ਪਾਣੀ ਦੀ ਵਰਤੋਂ ਅਤੇ ਰਾਵੀ-ਬਿਆਸ ਲਿੰਕ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਗਈ ਹੈ।
ਪੰਨੂ ਨੇ ਕਾਂਗਰਸ ਸਮੇਤ ਵਿਰੋਧੀ ਧਿਰਾਂ ਦੀ ਭੂਮਿਕਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਸਾਰੀਆਂ ਪਾਰਟੀਆਂ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਖ਼ਾਸ ਤੌਰ ’ਤੇ ਸਚਿਨ ਪਾਇਲਟ ਤੋਂ ਵੀ ਇਸ ਸਬੰਧੀ ਜਵਾਬ ਮੰਗਿਆ।







