ਜਨਗਣਨਾ 2027 ਸਬੰਧੀ ਜਾਗਰੂਕਤਾ ਮੁਹਿੰਮ: ਸਵੈ-ਗਣਨਾ 16 ਨਵੰਬਰ ਤੋਂ 30 ਨਵੰਬਰ 2026 ਤੱਕ ਹੋਵੇਗੀ

Top Trending News ਪੰਜਾਬ
  • ਜਨਗਣਨਾ 2027 ਸਬੰਧੀ ਜਾਗਰੂਕਤਾ ਮੁਹਿੰਮ: ਸਵੈ-ਗਣਨਾ 16 ਨਵੰਬਰ ਤੋਂ 30 ਨਵੰਬਰ 2026 ਤੱਕ ਹੋਵੇਗੀ
  • ਘਰ-ਘਰ ਜਾ ਕੇ ਜਨਗਣਨਾ ਦਾ ਕੰਮ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਕੀਤਾ ਜਾਵੇਗਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਧੀਨ ਜਨਗਣਨਾ ਵਿਭਾਗ ਵੱਲੋਂ ਜਨਗਣਨਾ 2027 ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਅਤੇ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਜਨਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਕਮਿਸ਼ਨਰ, ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸੰਦੀਪ ਸਿੰਘ ਗਾੜ੍ਹਾ ਨੇ ਦੱਸਿਆ ਕਿ ਸਵੈ-ਗਣਨਾ (Self-Enumeration) ਦਾ ਕੰਮ 16 ਨਵੰਬਰ ਤੋਂ 30 ਨਵੰਬਰ 2026 ਤੱਕ ਕੀਤਾ ਜਾਵੇਗਾ। ਇਸ ਦੌਰਾਨ ਨਾਗਰਿਕ ਨਿਰਧਾਰਤ ਆਨਲਾਈਨ ਪੋਰਟਲ ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਖੁਦ ਦਰਜ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਘਰ-ਘਰ ਜਾ ਕੇ ਜਨਗਣਨਾ (Population Enumeration) ਦਾ ਕੰਮ ਕੀਤਾ ਜਾਵੇਗਾ। ਇਸ ਦੌਰਾਨ ਜਨਗਣਨਾ ਕਰਮਚਾਰੀ ਘਰਾਂ ਵਿੱਚ ਜਾ ਕੇ ਪਰਿਵਾਰਾਂ ਤੋਂ ਲੋੜੀਂਦੀ ਜਾਣਕਾਰੀ ਇਕੱਠੀ ਕਰਨਗੇ। ਜਿਹੜੇ ਨਾਗਰਿਕ ਪਹਿਲਾਂ ਹੀ ਸਵੈ-ਗਣਨਾ ਕਰ ਚੁੱਕੇ ਹੋਣਗੇ, ਉਹ ਜਨਗਣਨਾ ਕਰਮਚਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਅਤੇ ਹਵਾਲਾ ਨੰਬਰ ਮੁਹੱਈਆ ਕਰਵਾਉਣਗੇ, ਤਾਂ ਜੋ ਦਰਜ ਕੀਤੇ ਵੇਰਵਿਆਂ ਦੀ ਪੁਸ਼ਟੀ ਕੀਤੀ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਗਣਨਾ ਦੇ ਕੰਮ ਨੂੰ ਸਹੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਨਗਣਨਾ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਘਰਾਂ ਤੇ ਪਰਿਵਾਰਾਂ ਨਾਲ ਸਬੰਧਤ ਸਹੀ ਅਤੇ ਸੰਪੂਰਨ ਜਾਣਕਾਰੀ ਮੁਹੱਈਆ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਅਤੇ ਰਾਜ ਦੇ ਵਿਕਾਸ, ਭਵਿੱਖ ਦੀਆਂ ਯੋਜਨਾਵਾਂ ਤਿਆਰ ਕਰਨ ਅਤੇ ਲੋਕਾਂ ਨੂੰ ਬਿਹਤਰ ਜਨਤਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਜਨਗਣਨਾ ਦੀ ਪ੍ਰਕਿਰਿਆ ਵਿੱਚ ਹਰੇਕ ਨਾਗਰਿਕ ਦੀ ਭਾਗੀਦਾਰੀ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ।