- ਅਲੀਸ਼ੇਰ ਸੜਕ ਹਾਦਸਾ: ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਸੌਂਪੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ
- ਮ੍ਰਿਤਕਾਂ ਦੇ ਪਰਿਵਾਰਾਂ ਅਤੇ ਗੰਭੀਰ ਜ਼ਖ਼ਮੀਆਂ ਲਈ 10-10 ਲੱਖ ਰੁਪਏ, ਹੋਰ ਜ਼ਖ਼ਮੀਆਂ ਲਈ 2-2 ਲੱਖ ਰੁਪਏ ਦੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਦਿੱਤੇ
- ਪਿੰਡ ਦੇ ਖੇਡ ਸਟੇਡੀਅਮ ਵਿਖੇ ਹੋਏ ਭੋਗ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ; ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ
ਲਹਿਰਾਗਾਗਾ, 31 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਨਮਿਤ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ।
ਕੈਬਨਿਟ ਮੰਤਰੀ ਨੇ ਇਸ ਮੌਕੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ, ਗੰਭੀਰ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਵੀ 10-10 ਲੱਖ ਰੁਪਏ ਅਤੇ ਹੋਰ ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਦੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਤਰ੍ਹਾਂ ਪੀੜਤ ਪਰਿਵਾਰਾਂ ਅਤੇ ਜ਼ਖ਼ਮੀਆਂ ਨੂੰ ਕੁੱਲ 1 ਕਰੋੜ 26 ਲੱਖ ਰੁਪਏ ਦੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਦਿੱਤੇ ਗਏ।
ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਹਾਦਸੇ ਨੇ ਪਰਿਵਾਰਾਂ ਦੇ ਨਾਲ-ਨਾਲ ਸਮੁੱਚੇ ਇਲਾਕੇ ਨੂੰ ਡੂੰਘੇ ਦੁੱਖ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਪਿਆਰਿਆਂ ਨੂੰ ਗੁਆਉਣ ਦਾ ਦਰਦ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਉਨ੍ਹਾਂ ਦੇ ਵਿਛੋੜੇ ਨਾਲ ਪਿਆ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ। ਮੁਆਵਜ਼ੇ ਰਾਹੀਂ ਪੀੜਤ ਪਰਿਵਾਰਾਂ ਨੂੰ ਇਸ ਔਖੇ ਸਮੇਂ ਵਿੱਚ ਆਰਥਿਕ ਸਹਾਰਾ ਦੇਣ ਦਾ ਉਪਰਾਲਾ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਸੰਵੇਦਨਸ਼ੀਲਤਾ ਨਾਲ ਸਮਝਣਾ ਅਤੇ ਉਨ੍ਹਾਂ ਨੂੰ ਲੋੜੀਂਦਾ ਸਹਿਯੋਗ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਸ਼੍ਰੀ ਗੋਇਲ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਗੰਭੀਰ ਸੱਟਾਂ ਕਾਰਨ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰੀਰਕ, ਮਾਨਸਿਕ ਅਤੇ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਲਈ ਮਨਜ਼ੂਰ ਕੀਤੀ ਗਈ ਮੁਆਵਜ਼ਾ ਰਾਸ਼ੀ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਰਾ ਦੇਣ ਵੱਲ ਇੱਕ ਉਪਰਾਲਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਉਨ੍ਹਾਂ ਸਮਾਜ ਨੂੰ ਵੀ ਅਪੀਲ ਕੀਤੀ ਕਿ ਪੀੜਤ ਪਰਿਵਾਰਾਂ ਨਾਲ ਹਮਦਰਦੀ ਅਤੇ ਸਹਿਯੋਗ ਦਾ ਰਿਸ਼ਤਾ ਬਣਾਈ ਰੱਖਿਆ ਜਾਵੇ, ਤਾਂ ਜੋ ਉਹ ਇਸ ਔਖੇ ਸਮੇਂ ਵਿੱਚ ਆਪਣੇ ਆਪ ਨੂੰ ਇਕੱਲੇ ਮਹਿਸੂਸ ਨਾ ਕਰਨ।







