CBI ਦਫ਼ਤਰ ਪਹੁੰਚੇ ਮੁੱਖ ਮੰਤਰੀ ਦੇ OSD ਘੁੰਮਣ
ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ ਮੁੜ ਹੋਵੇਗੀ ਪੁੱਛਗਿੱਛ
ਚੰਡੀਗੜ੍ਹ, 31 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੀਬੀਆਈ ਦੀ ਜਾਂਚ ਲਗਾਤਾਰ ਜਾਰੀ ਹੈ। ਇਸੇ ਸਿਲਸਿਲੇ ਤਹਿਤ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅੱਜ ਮੁੜ ਚੰਡੀਗੜ੍ਹ ਦੇ ਸੈਕਟਰ-30 ਸਥਿਤ ਸੀਬੀਆਈ ਦਫ਼ਤਰ ਵਿਖੇ ਪੇਸ਼ ਹੋਣ ਲਈ ਪਹੁੰਚੇ।
ਜਾਣਕਾਰੀ ਅਨੁਸਾਰ, ਇਸ ਮਾਮਲੇ ਵਿੱਚ ਸੀਬੀਆਈ ਵੱਲੋਂ ਦਰਜ ਐੱਫਆਈਆਰ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਵੀ ਰਾਜਬੀਰ ਸਿੰਘ ਘੁੰਮਣ ਤੋਂ ਜਾਂਚ ਏਜੰਸੀ ਨੇ ਪੁੱਛਗਿੱਛ ਕੀਤੀ ਸੀ। ਉਸ ਸਮੇਂ ਸੀਬੀਆਈ ਦਫ਼ਤਰ ਤੋਂ ਬਾਹਰ ਆਉਣ ਮਗਰੋਂ ਉਨ੍ਹਾਂ ਮੀਡੀਆ ਨੂੰ ਦੱਸਿਆ ਸੀ ਕਿ ਅਧਿਕਾਰੀਆਂ ਨੇ ਉਨ੍ਹਾਂ ਨੂੰ 31 ਅਕਤੂਬਰ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ।
ਸੀਬੀਆਈ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਉਹ ਅੱਜ ਆਪਣੇ ਕਾਫ਼ਲੇ ਸਮੇਤ ਜਾਂਚ ਏਜੰਸੀ ਦੇ ਦਫ਼ਤਰ ਪਹੁੰਚੇ। ਉਨ੍ਹਾਂ ਦੀ ਇਸ ਪੇਸ਼ੀ ਨੂੰ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਮਾਮਲੇ ਦੀ ਜਾਂਚ ਦੇ ਅਗਲੇ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ। ਫਿਲਹਾਲ ਪੁੱਛਗਿੱਛ ਦੌਰਾਨ ਕੀ ਸਾਹਮਣੇ ਆਉਂਦਾ ਹੈ, ਇਸ ਬਾਰੇ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।







