Mohali Breaking: ਨਾਜਾਇਜ਼ ਦਵਾਈਆਂ ਦੀ ਫੈਕਟਰੀ ਦਾ ਪਰਦਾਫਾਸ਼, ਭਾਰੀ ਮਾਤਰਾ ’ਚ ਪਾਬੰਦੀਸ਼ੁਦਾ ਦਵਾਈਆਂ ਤੇ ਸਟੀਰੌਇਡ ਬਰਾਮਦ
ਜ਼ੀਰਕਪੁਰ (ਮੁਹਾਲੀ), 31 ਅਕਤੂਬਰ 2026: ਰਾਮਗੜ੍ਹ ਭੁੱਡਾ ਇਲਾਕੇ ਵਿੱਚ ਇੱਕ ਕਿਰਾਏ ਦੇ ਮਕਾਨ ਅੰਦਰ ਚੱਲ ਰਹੇ ਗੈਰ-ਕਾਨੂੰਨੀ ਦਵਾਈਆਂ ਦੇ ਕਾਰੋਬਾਰ ਦਾ ਪਰਦਾਫਾਸ਼ ਹੋਇਆ ਹੈ। ਐਂਟੀ ਨਾਰਕੋਟਿਕਸ ਸੈੱਲ ਅਤੇ ਫੂਡ ਐਂਡ ਡਰੱਗ ਵਿਭਾਗ ਦੀ ਸਾਂਝੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਪਾਬੰਦੀਸ਼ੁਦਾ ਦਵਾਈਆਂ, ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਸਟੀਰੌਇਡ ਬਰਾਮਦ ਕੀਤੇ ਹਨ। ਇਸ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਬਿਨਾਂ ਕਿਸੇ ਸਰਕਾਰੀ ਲਾਇਸੈਂਸ ਜਾਂ ਮਨਜ਼ੂਰੀ ਤੋਂ ਕਿਰਾਏ ਦੇ ਮਕਾਨ ਵਿੱਚ ਦਵਾਈਆਂ ਬਣਾਉਣ ਅਤੇ ਉਨ੍ਹਾਂ ਦੀ ਵਿਕਰੀ ਦਾ ਕੰਮ ਕੀਤਾ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਗੈਰ-ਕਾਨੂੰਨੀ ਕਾਰੋਬਾਰ ਰਾਹੀਂ ਤਿਆਰ ਕੀਤੀਆਂ ਦਵਾਈਆਂ ਦੀ ਸਪਲਾਈ ਮੁੱਖ ਤੌਰ ’ਤੇ ਆਨਲਾਈਨ ਮਾਧਿਅਮ ਰਾਹੀਂ ਕੀਤੀ ਜਾਂਦੀ ਸੀ।
ਵਿਭਾਗੀ ਟੀਮ ਵੱਲੋਂ ਬਰਾਮਦ ਦਵਾਈਆਂ ਦੀ ਜਾਂਚ ਅਤੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀਆਂ ਦਾ ਮੁੱਖ ਨਿਸ਼ਾਨਾ ਇਸ ਧੰਦੇ ਦੇ ਮਾਸਟਰਮਾਈਂਡ, ਸਪਲਾਈ ਨੈੱਟਵਰਕ ਅਤੇ ਆਨਲਾਈਨ ਵਿਕਰੀ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਸਬੰਧੀ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।







