BREAKING- ਨੋਇਡਾ ’ਚ ਪੁਲਿਸ ਐਨਕਾਊਂਟਰ ਦੌਰਾਨ ਰਣਦੀਪ ਭਾਟੀ ਗੈਂਗ ਦਾ ਸ਼ਾਰਪ ਸ਼ੂਟਰ ਢੇਰ, ਦੋ ਪੁਲਿਸ ਮੁਲਾਜ਼ਮ ਜ਼ਖ਼ਮੀ
ਨੋਇਡਾ, 1 ਨਵੰਬਰ 2026: ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਰਣਦੀਪ ਭਾਟੀ ਗੈਂਗ ਦਾ ਸ਼ਾਰਪ ਸ਼ੂਟਰ ਅਮਨ ਤਿਆਗੀ ਉਰਫ਼ ਮਾਇਆ ਮਾਰਿਆ ਗਿਆ। ਇਸ ਮੁਕਾਬਲੇ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਾਰੇ ਗਏ ਮੁਲਜ਼ਮ ’ਤੇ 50 ਹਜ਼ਾਰ ਰੁਪਏ ਦਾ ਇਨਾਮ ਐਲਾਨਿਆ ਹੋਇਆ ਸੀ।
ਡੀਸੀਪੀ ਪ੍ਰੀਤੀ ਯਾਦਵ ਅਨੁਸਾਰ, 31 ਅਕਤੂਬਰ ਦੀ ਸ਼ਾਮ ਨੂੰ ਐਸਓਜੀ ਟੀਮ ਅਤੇ ਸੈਕਟਰ-126 ਪੁਲਿਸ ਵੱਲੋਂ ਇਲਾਕੇ ਵਿੱਚ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਪੁਲਿਸ ਟੀਮ ’ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮੁਲਜ਼ਮ ਦੀ ਪਛਾਣ ਮੁਜ਼ੱਫਰਨਗਰ ਵਾਸੀ ਅਮਨ ਤਿਆਗੀ ਵਜੋਂ ਹੋਈ ਹੈ। ਉਸ ਖ਼ਿਲਾਫ਼ ਕਤਲ ਸਮੇਤ ਇੱਕ ਦਰਜਨ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਸਨ। ਪੁਲਿਸ ਅਨੁਸਾਰ ਉਹ ਹਾਲ ਹੀ ਵਿੱਚ ਬਾਦਲਪੁਰ ਇਲਾਕੇ ਵਿੱਚ ਹੋਈ ਫਾਇਰਿੰਗ ਦੀ ਘਟਨਾ ਵਿੱਚ ਵੀ ਸ਼ਾਮਲ ਸੀ।
ਜ਼ਿਕਰਯੋਗ ਹੈ ਕਿ 2019 ਵਿੱਚ ਵੀ ਫੇਜ਼-2 ਪੁਲਿਸ ਨਾਲ ਮੁਕਾਬਲੇ ਦੌਰਾਨ ਉਸ ਦੀਆਂ ਦੋਵੇਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਸਨ ਅਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਹੁਣ ਉਸ ਦੇ ਅਪਰਾਧਿਕ ਨੈੱਟਵਰਕ ਅਤੇ ਹੋਰ ਸਾਥੀਆਂ ਬਾਰੇ ਜਾਂਚ ਕਰ ਰਹੀ ਹੈ।







