BREAKING- ਸਾਬਕਾ ਮੰਤਰੀ ਅਰੋੜਾ ਦੇ ਘਰ ED ਦੀ ਲਗਾਤਾਰ ਦੂਜੇ ਦਿਨ ਛਾਪੇਮਾਰੀ, ਦਸਤਾਵੇਜ਼ਾਂ ਦੀ ਕੀਤੀ ਜਾ ਰਹੀ ਜਾਂਚ
ਹੁਸ਼ਿਆਰਪੁਰ, 3 ਨਵੰਬਰ 2026: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਦੇ ਹੁਸ਼ਿਆਰਪੁਰ ਸਥਿਤ ਨਿਵਾਸ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਕਾਰਵਾਈ ਲਗਾਤਾਰ ਦੂਜੇ ਦਿਨ ਵੀ ਜਾਰੀ ਰਹੀ। ਜਾਂਚ ਏਜੰਸੀ ਦੀ ਟੀਮ ਵੱਲੋਂ ਘਰ ਵਿੱਚ ਮੌਜੂਦ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ, ਸੁਰੱਖਿਆ ਦੇ ਮੱਦੇਨਜ਼ਰ ਅਧਿਕਾਰੀਆਂ ਨੇ ਘਰ ਦੇ ਆਲੇ-ਦੁਆਲੇ ਘੇਰਾਬੰਦੀ ਕੀਤੀ ਹੋਈ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਜ਼ਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਪਹਿਲਾਂ ਵੀ 50 ਲੱਖ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਕਾਰਨ ਚਰਚਾ ਵਿੱਚ ਰਹੇ ਸਨ। ਪੰਜਾਬ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ ਇੱਕ ਵਿਜੀਲੈਂਸ ਅਧਿਕਾਰੀ ਨੂੰ ਕਥਿਤ ਤੌਰ ’ਤੇ ਰਿਸ਼ਵਤ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।
ਸੂਤਰਾਂ ਅਨੁਸਾਰ ਮੌਜੂਦਾ ਜਾਂਚ ਦਾ ਸਬੰਧ ਮਨੀ ਲਾਂਡਰਿੰਗ ਦੇ ਮਾਮਲੇ ਨਾਲ ਹੋ ਸਕਦਾ ਹੈ, ਪਰ ED ਵੱਲੋਂ ਅਜੇ ਤੱਕ ਛਾਪੇਮਾਰੀ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਜਾਂਚ ਏਜੰਸੀ ਦੀ ਅਗਲੀ ਕਾਰਵਾਈ ਅਤੇ ਅਧਿਕਾਰਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।







