ਮਨਿਸਟਰੀਅਲ ਕਾਮਿਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ

Top Trending News ਪੰਜਾਬ
  • ਮਨਿਸਟਰੀਅਲ ਕਾਮਿਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ
  • ਅੱਜ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਦੇ ਫੂਕੇ ਜਾਣਗੇ ਪੁਤਲੇ
  • ਭਲਕੇ 2 ਦਿਨਾਂ ਕਲਮਛੋੜ ਹੜਤਾਲ

ਸ਼੍ਰੀ ਮੁਕਤਸਰ ਸਾਹਿਬ, 3 ਨਵੰਬਰ (ਦੇਸ਼ ਕਲਿੱਕ ਬਿਊਰੋ) – ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵੱਲੋਂ ਇੱਕ ਫਾਰ ਫਿਰ ਸੰਘਰਸ਼ ਉਲੀਕ ਦਿੱਤਾ ਗਿਆ ਹੈ, ਜਿਸਦੇ ਚਲਦਿਆਂ ਅੱਜ ਡੀ.ਸੀ. ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ, ਜਿਸ ਵਿੱਚ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

ਇਸ ਮੌਕੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੀ.ਐਸ.ਐਮ.ਐਸ.ਯੂ. ਦੇ ਜਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਨੇ 4 ਸਾਲ ਪਹਿਲਾਂ ਦੀਵਾਲੀ ਮੌਕੇ ਕਰਮਚਾਰੀਆਂ ਨੂੰ ਤੋਹਫ਼ਾ ਦਿੰਦਿਆਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਐਲਾਨ ਕੀਤਾ ਸੀ, ਪ੍ਰੰਤੂ ਅਜੇ ਤੱਕ ਇਸ ਐਲਾਨ ਨੂੰ ਜ਼ਮੀਨੀ ਪੱਧਰ ਤੇ ਲਾਗੂ ਨਹੀਂ ਕੀਤਾ ਗਿਆ, ਪ੍ਰੰਤੂ ਇਸ ਐਲਾਨ ਉਪਰੰਤ ਦੇਸ਼ ਭਰ ਵੱਡੇ ਵੱਡੇ ਫਲੈਕਸ ਬੋਰਡਾਂ ਨਾਲ ਪ੍ਰਚਾਰ ਕੀਤਾ ਗਿਆ।

ਇੱਥੇ ਹੀ ਬੱਸ ਨਹੀਂ ਇਸ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਨਾ ਹੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਗਈਆਂ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕੋਈ ਕਾਰਵਾਈ ਆਰੰਭੀ ਗਈ। ਇਸ ਲਈ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਇਸ ਝੂਠਾਂ ਨਾਲ ਭਰੀ ਸਰਕਾਰ ਤੋਂ ਭਲੀ ਭਾਂਤ ਜਾਣੁੰ ਹੋ ਗਿਆ ਹੈ, ਇਸ ਲਈ ਮੁਲਾਜ਼ਮ ਸੰਘਰਸ਼ਾਂ ਦੇ ਰਾਹ ਤੁਰ ਪਏ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮਿਆਂ ਵਿੱਚ ਜਥੇਬੰਦੀ ਵੱਲੋਂ ਵੱਡੇ ਸੰਘਰਸ਼ ਉਲੀਕੇ ਜਾਣਗੇ, ਜਿਸਦੀ ਲੜੀ ਤਹਿਤ 4 ਨਵੰਬਰ ਨੂੰ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਦਾ ਪੁਤਲਾ ਫੂਕਿਆ ਜਾਵੇਗਾ, ਇਸ ਤੋਂ ਇਲਾਵਾ 5-6 ਨਵੰਬਰ ਨੂੰ ਮੁਕੰਮਲ ਕੰਮ ਠੱਪ ਰੱਖ ਕੇ ਵਿਰੋਧ ਦਰਜ ਕੀਤਾ ਜਾਵੇਗਾ ਅਤੇ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।