ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ, ਪੰਥਕ ਏਕਤਾ ’ਤੇ ਦਿੱਤਾ ਜ਼ੋਰ
ਚੰਡੀਗੜ੍ਹ, 4 ਨਵੰਬਰ 2026: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਆਪਣੇ ਇਸ ਫ਼ੈਸਲੇ ਪਿੱਛੇ ਪੰਥਕ ਏਕਤਾ ਸਬੰਧੀ ਵਿਚਾਰਾਂ ਵਿੱਚ ਸਹਿਮਤੀ ਨਾ ਬਣ ਸਕਣ ਨੂੰ ਮੁੱਖ ਕਾਰਨ ਦੱਸਿਆ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਪੱਖੀ ਤਾਕਤਾਂ ਦਾ ਇਕਜੁੱਟ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਕਾਰਨ ਪੰਥਕ ਤਾਕਤਾਂ ਕਮਜ਼ੋਰ ਹੋ ਰਹੀਆਂ ਹਨ ਅਤੇ ਇਸ ਸਥਿਤੀ ਦਾ ਫਾਇਦਾ ਪੰਥ ਵਿਰੋਧੀ ਤਾਕਤਾਂ ਉਠਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਉਹ ਲਗਾਤਾਰ ਅਕਾਲੀ ਦਲ ਦੇ ਸਾਰੇ ਧੜਿਆਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕਰਦੇ ਰਹੇ ਹਨ, ਤਾਂ ਜੋ ਪੰਜਾਬ ਅਤੇ ਪੰਥਕ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।
ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਗਿਆਨੀ ਹਰਪ੍ਰੀਤ ਸਿੰਘ ਨਾਲ ਪੰਥਕ ਏਕਤਾ ਦੇ ਮੁੱਦੇ ’ਤੇ ਉਨ੍ਹਾਂ ਦੇ ਵਿਚਾਰਾਂ ਦਾ ਮੇਲ ਨਹੀਂ ਹੋ ਸਕਿਆ। ਇਸੇ ਵਿਚਾਰਕ ਅਸਹਿਮਤੀ ਦੇ ਚੱਲਦਿਆਂ ਉਨ੍ਹਾਂ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ।







