- 2027 ਵਿੱਚ ਪੰਜਾਬ ਅਤੇ 2029 ਵਿੱਚ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਾਉਣਾ ਸਾਡਾ ਟੀਚਾ: ਪਰਗਟ ਸਿੰਘ
- ਪੰਜਾਬ ਨੂੰ ਜੰਗਲ ਰਾਜ ਵਿੱਚ ਬਦਲਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਨਤਾ ਦੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ
- ਪੰਜਾਬ ਦੀਆਂ ਮੰਡੀਆਂ ਵਿੱਚ ਅਜੇ ਵੀ ਪਿਆ ਹੈ 25 ਫ਼ੀਸਦੀ ਝੋਨਾ, ‘ਆਪ’ ਸਰਕਾਰ ਨੇ ਸਰਕਾਰੀ ਖ਼ਰੀਦ ਕੀਤੀ ਬੰਦ
- ਪੰਜਾਬੀ ਡਰ ਕੇ ਨਹੀਂ, ਸਗੋਂ ਡਟ ਕੇ ਆਪਣੇ ਹੱਕਾਂ ਲਈ ਲੜਨ ਵਾਲੀ ਕੌਮ ਹਨ: ਸਰਦਾਰ ਪਰਗਟ ਸਿੰਘ
- ਪਰਗਟ ਸਿੰਘ ਨੇ ਡੀਜੀਪੀ ਨੂੰ ਦਿੱਤੀ ਚਿਤਾਵਨੀ, “ਕਾਂਗਰਸੀ ਵਰਕਰਾਂ ਵੱਲ ਅੱਖ ਚੁੱਕ ਕੇ ਦੇਖਣ ਵਾਲੀ ਪੁਲਿਸ ਦੀ ਅੱਖ ਨਹੀਂ ਰਹਿਣ ਦੇਵਾਂਗੇ”
ਸੰਗਰੂਰ, 4 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਸੰਗਰੂਰ ਦੀ ਇਤਿਹਾਸਕ ‘ਇਨਸਾਫ਼ ਰੈਲੀ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣਾ ਅਤੇ 2029 ਵਿੱਚ ਸ੍ਰੀ ਰਾਹੁਲ ਗਾਂਧੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣਾ ਸਾਡਾ ਟੀਚਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜ ਸਾਲ ਪਹਿਲਾਂ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਅੱਜ ਸੂਬਾ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਹੁਣ ਪੰਜਾਬ ਨੂੰ ਮੁੜ ਵਿਕਾਸ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲਿਆਉਣ ਦਾ ਸਮਾਂ ਆ ਗਿਆ ਹੈ।
ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਝੋਨੇ ਦੀ ਲਗਭਗ 25 ਫ਼ੀਸਦੀ ਫ਼ਸਲ ਅਜੇ ਵੀ ਮੰਡੀਆਂ ਵਿੱਚ ਪਈ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਬੰਦ ਕੀਤੇ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਕਿਸਾਨ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਦਿੱਲੀ ਤੋਂ ਪੰਜਾਬ ਦੀ ਸਿਆਸਤ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਭਾਵਨਾਵਾਂ ਅਤੇ ਪੰਜਾਬੀਆਂ ਦੀ ਅਸਮਿਤਾ ਨੂੰ ਸਮਝਣ ਦੀ ਬਜਾਏ ਸੂਬੇ ਦੀ ਲੀਡਰਸ਼ਿਪ ਦਿੱਲੀ ਦੇ ਆਗੂਆਂ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਡਰ ਕੇ ਨਹੀਂ, ਸਗੋਂ ਡਟ ਕੇ ਆਪਣੇ ਹੱਕਾਂ ਲਈ ਲੜਨ ਵਾਲੀ ਕੌਮ ਹਨ।
ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਨੇ ਆਪਣੇ ਹੱਥੀਂ ਜਿਹੜੀਆਂ ਸਮੱਸਿਆਵਾਂ ਪੈਦਾ ਕੀਤੀਆਂ ਹਨ, ਉਨ੍ਹਾਂ ਦਾ ਜਵਾਬ ਵੀ ਉਸ ਨੂੰ ਹੀ ਦੇਣਾ ਪਵੇਗਾ। ਉਨ੍ਹਾਂ ਨਸ਼ਿਆਂ ਦੇ ਕਾਰੋਬਾਰ ਅਤੇ ਸਰਕਾਰੀ ਸਿਹਤ ਪ੍ਰਣਾਲੀ ਨਾਲ ਜੁੜੇ ਗੰਭੀਰ ਸਵਾਲਾਂ ’ਤੇ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਲਈ ਸਿਹਤ ਮੰਤਰੀ ਜ਼ਿੰਮੇਵਾਰ ਹਨ।
ਕੇਂਦਰ ਦੀ ਭਾਜਪਾ ਸਰਕਾਰ ’ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਲਈ ਢੁੱਕਵੀਂ ਜਗ੍ਹਾ ਮੁਹੱਈਆ ਨਾ ਕਰਵਾਉਣ ਸਬੰਧੀ ਵਿਵਾਦ ਅਤੇ ਸਾਬਕਾ ਏਅਰ ਚੀਫ਼ ਮਾਰਸ਼ਲ ਨਾਲ ਜੁੜੇ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਕੇਂਦਰ ਸਰਕਾਰ ਦੀ ਸੋਚ ਅਤੇ ਪੰਜਾਬ ਪ੍ਰਤੀ ਉਸ ਦੇ ਰਵੱਈਏ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਮੀਡੀਆ ਦੀ ਆਜ਼ਾਦੀ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਦੇਸ਼ ਵਿੱਚ ਮੀਡੀਆ ’ਤੇ ਦਬਾਅ ਅਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਚਿੰਤਾਜਨਕ ਹਨ। ਉਨ੍ਹਾਂ ਪੱਤਰਕਾਰਾਂ ਨੂੰ ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਆਪਣੀ ਜ਼ਿੰਮੇਵਾਰੀ ਨਿਡਰਤਾ ਨਾਲ ਨਿਭਾਉਣ ਦੀ ਅਪੀਲ ਕੀਤੀ।
ਆਪਣੇ ਸੰਬੋਧਨ ਦੇ ਅੰਤ ਵਿੱਚ ਪਰਗਟ ਸਿੰਘ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਸ੍ਰੀ ਰਾਹੁਲ ਗਾਂਧੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਿਰਫ਼ ਸਨਮਾਨ, ਪਿਆਰ ਅਤੇ ਬਰਾਬਰੀ ਵਾਲਾ ਵਿਹਾਰ ਚਾਹੁੰਦੇ ਹਨ। ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੀ ਜਨਤਾ ਪਿਛਲੇ ਪੰਜ ਸਾਲਾਂ ਦਾ ਹਿਸਾਬ ਲਵੇ ਅਤੇ ਸੂਬੇ ਨੂੰ ਮੁੜ ਵਿਕਾਸ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲੈ ਕੇ ਜਾਵੇ। ਇਸ ਰੈਲੀ ਰਾਹੀਂ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਅਤੇ 2029 ਵਿੱਚ ਸ੍ਰੀ ਰਾਹੁਲ ਗਾਂਧੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਦਾ ਸੰਕਲਪ ਹੋਰ ਮਜ਼ਬੂਤ ਹੋਇਆ ਹੈ।
ਇਸੇ ਦੌਰਾਨ ਉਨ੍ਹਾਂ ਡੀਜੀਪੀ ਗੌਰਵ ਯਾਦਵ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਨੇ ਕਾਂਗਰਸੀ ਵਰਕਰਾਂ ਵੱਲ ਬੁਰੀ ਨਜ਼ਰ ਨਾਲ ਦੇਖਿਆ ਤਾਂ ਉਹ ਅਜਿਹੀ ਅੱਖ ਨਹੀਂ ਰਹਿਣ ਦੇਣਗੇ।







