ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਦੇ ਫੂਕੇ ਪੁਤਲੇ: ਅੱਜ ਤੋਂ 2 ਦਿਨਾਂ ਕਲਮਛੋੜ ਹੜਤਾਲ

Top Trending News ਪੰਜਾਬ
  • ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਦੇ ਫੂਕੇ ਪੁਤਲੇ: ਅੱਜ ਤੋਂ 2 ਦਿਨਾਂ ਕਲਮਛੋੜ ਹੜਤਾਲ

ਸ਼੍ਰੀ ਮੁਕਤਸਰ ਸਾਹਿਬ, 3 ਨਵੰਬਰ (ਦੇਸ਼ ਕਲਿੱਕ ਬਿਊਰੋ) – ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਵਿੱਢੇ ਗਏ ਸੰਘਰਸ਼ ਤਹਿਤ ਅੱਜ ਅੱਜ ਡੀ.ਸੀ. ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਦੇ ਪੁਤਲੇ ਫੂਕਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੀ.ਐਸ.ਐਮ.ਐਸ.ਯੂ. ਦੇ ਜਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ, ਸਰਕਾਰ ਵੱਲੋਂ ਇੱਕ ਪਾਸੇ ਤਾਂ ਮੀਟਿੰਗਾਂ ਦਾ ਖੁੱਲ੍ਹਾ ਸੱਦਾ ਦੇਣ ਦਾ ਪ੍ਰਚਾਰ ਕੀਤਾ ਜਾਂਦਾ ਹੈ, ਉੱਥੇ ਦੂਜੇ ਪਾਸੇ ਮੀਟਿੰਗਾਂ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਜਾਂਦਾ ਅਤੇ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਨੂੰ ਅੱਗੇ ਪਾ ਦਿੱਤਾ ਜਾਂਦਾ ਹੈ।

ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ, ਕੱਚੇ ਕਾਮੇ ਪੱਕੇ ਕਰਨ, ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਖਾਲੀ ਪੋਸਟਾਂ ਭਰਨ ਆਦਿ ਮੰਗਾਂ ਸਬੰਧੀ ਕੋਈ ਵੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ, ਜਿਸਦੇ ਚਲਦਿਆਂ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵੱਲੋਂ ਦੁਬਾਰਾ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਮਨਿਸਟਰੀਅਲ ਕਾਮੇ ਪੀ.ਐਸ.ਐਮ.ਐਸ.ਯੂ. ਦੇ ਸੰਘਰਸ਼ਾਂ ਨੂੰ ਅਮਲੀ ਰੂਪ ਦੇਣਗੇ ਉੱਥੇ ਸਾਂਝਾ ਮੁਲਾਜ਼ਮ ਮੰਚ ਦੇ ਫੈਸਲੇ ਨੂੰ ਵੀ ਇੰਨ-ਬਿੰਨ ਲਾਗੂ ਕਰਨਗੇ। ਇੱਥੇ ਹੀ ਬੱਸ ਨਹੀਂ ਇਸ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਨਾ ਹੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਗਈਆਂ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕੋਈ ਕਾਰਵਾਈ ਆਰੰਭੀ ਗਈ।

ਇਸ ਲਈ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਇਸ ਝੂਠਾਂ ਨਾਲ ਭਰੀ ਸਰਕਾਰ ਤੋਂ ਭਲੀ ਭਾਂਤ ਜਾਣੁੰ ਹੋ ਗਿਆ ਹੈ, ਇਸ ਲਈ ਮੁਲਾਜ਼ਮ ਸੰਘਰਸ਼ਾਂ ਦੇ ਰਾਹ ਤੁਰ ਪਏ ਹਨ। ਆਗੂਆਂ ਨੇ ਆਖਿਆ ਕਿ ਸਟੇਟ ਬਾਡੀ ਦੇ ਫੈਸਲੇ ਅਨੁਸਾਰ ਅੱਜ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਦਾ ਪੁਤਲਾ ਫੂਕਿਆ ਗਿਆ ਹੈ ਅਤੇ 5-6 ਨਵੰਬਰ ਨੂੰ ਮੁਕੰਮਲ ਕੰਮ ਠੱਪ ਰੱਖ ਕੇ ਵਿਰੋਧ ਦਰਜ ਕੀਤਾ ਜਾਵੇਗਾ ਅਤੇ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।