ਕਾਂਗਰਸ ਭਵਨ ’ਚ ਦਲਿਤ ਆਗੂ ਨਾਲ ਕੁੱਟਮਾਰ ਦਾ ਮਾਮਲਾ: ਬਰਿੰਦਰ ਢਿੱਲੋਂ ਖ਼ਿਲਾਫ਼ ਚੰਡੀਗੜ੍ਹ ਪੁਲਿਸ ਨੇ ਦਰਜ ਕੀਤੀ FIR
ਚੰਡੀਗੜ੍ਹ, 5 ਨਵੰਬਰ 2026: ਸੈਕਟਰ-15 ਸਥਿਤ ਕਾਂਗਰਸ ਭਵਨ ਵਿੱਚ ਦਲਿਤ ਆਗੂ ਰਣਜੀਤ ਸਿੰਘ ਨਾਲ ਕਥਿਤ ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮੁੱਢਲੀ ਜਾਂਚ ਤੋਂ ਬਾਅਦ 4 ਨਵੰਬਰ ਨੂੰ ਥਾਣਾ ਸੈਕਟਰ-11 ਵਿੱਚ ਬੀਐੱਨਐੱਸ ਦੀਆਂ ਧਾਰਾਵਾਂ 115(2) ਅਤੇ 126(2) ਤਹਿਤ ਐੱਫਆਈਆਰ ਦਰਜ ਕੀਤੀ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਤਰਖਾਣ ਮਾਜਰਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਸਨੀਕ ਰਣਜੀਤ ਸਿੰਘ ਨੇ ਦੋਸ਼ ਲਾਇਆ ਕਿ ਉਹ 27 ਅਕਤੂਬਰ ਨੂੰ ਆਪਣੇ ਪੁੱਤਰ ਨਾਲ ਪਾਰਟੀ ਦੇ ਕੰਮ ਲਈ ਕਾਂਗਰਸ ਭਵਨ ਗਏ ਸਨ। ਉੱਥੇ ਬਰਿੰਦਰ ਢਿੱਲੋਂ ਅਤੇ ਇੱਕ ਅਣਪਛਾਤੇ ਵਿਅਕਤੀ ਨੇ ਕਥਿਤ ਤੌਰ ’ਤੇ ਜਾਤੀਸੂਚਕ ਸ਼ਬਦ ਵਰਤੇ। ਵਿਰੋਧ ਕਰਨ ’ਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।
ਸ਼ਿਕਾਇਤਕਰਤਾ ਨੇ ਐੱਸਸੀ/ਐੱਸਟੀ ਐਕਟ ਤਹਿਤ ਵੀ ਕਾਰਵਾਈ ਦੀ ਮੰਗ ਕੀਤੀ ਸੀ। ਮਾਮਲੇ ਦੀ ਜਾਂਚ ਡੀਐੱਸਪੀ ਸੈਂਟਰਲ ਐੱਸਪੀਐੱਸ ਸੌਂਧੀ ਨੇ ਕੀਤੀ। ਜਾਂਚ ਵਿੱਚ ਕੁੱਟਮਾਰ ਅਤੇ ਗਲਤ ਤਰੀਕੇ ਨਾਲ ਰੋਕਣ ਦੇ ਦੋਸ਼ਾਂ ਦੇ ਆਧਾਰ ’ਤੇ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਗਈ, ਜਦਕਿ ਇਸ ਪੜਾਅ ’ਤੇ ਐੱਸਸੀ/ਐੱਸਟੀ ਐਕਟ ਨਾਲ ਸਬੰਧਤ ਦੋਸ਼ਾਂ ਦੀ ਪੁਸ਼ਟੀ ਨਹੀਂ ਹੋਈ।




