ਦੀਵਾਲੀ ’ਤੇ ਪੰਜਾਬ ਦੇ 6,507 ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ, DA ‘ਚ 40 ਫ਼ੀਸਦੀ ਵਾਧੇ ਦਾ ਐਲਾਨ
ਚੰਡੀਗੜ੍ਹ, 7 ਨਵੰਬਰ 2026: ਪੰਜਾਬ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਮੌਕੇ ਸੂਬੇ ਦੇ ਕੰਪਿਊਟਰ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਲਈ ਅਹਿਮ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 6,507 ਕੰਪਿਊਟਰ ਅਧਿਆਪਕਾਂ ਦੇ ਮਹਿੰਗਾਈ ਭੱਤੇ (DA) ਵਿੱਚ 40 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਨਾਲ ਉਨ੍ਹਾਂ ਦਾ ਮਹਿੰਗਾਈ ਭੱਤਾ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਜਾਵੇਗਾ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਇਸ ਨੂੰ ਦੀਵਾਲੀ ਮੌਕੇ ਅਧਿਆਪਕਾਂ ਲਈ ਸਰਕਾਰ ਵੱਲੋਂ ਦਿੱਤਾ ਗਿਆ ਤੋਹਫ਼ਾ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।
ਇਸ ਦੇ ਨਾਲ ਹੀ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਨੂੰ ਵੀ ਰਾਹਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪਹਿਲਾਂ ਹੀ ਰੈਗੂਲਰ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਉਨ੍ਹਾਂ ਨੂੰ ਤਨਖ਼ਾਹ ਸਬੰਧੀ ਲਾਭ ਦੇਣ ਦਾ ਐਲਾਨ ਕੀਤਾ ਗਿਆ ਹੈ।
ਸਰਕਾਰ ਦੇ ਇਨ੍ਹਾਂ ਫ਼ੈਸਲਿਆਂ ਨਾਲ ਸਬੰਧਤ ਮੁਲਾਜ਼ਮਾਂ ਨੂੰ ਵਿੱਤੀ ਲਾਭ ਮਿਲਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਇਸ ਮੌਕੇ ਸਾਰਿਆਂ ਨੂੰ ਦੀਵਾਲੀ ਦੀਆਂ ਵਧਾਈਆਂ ਵੀ ਦਿੱਤੀਆਂ।




