ਪਰਵਿੰਦਰ ਝੋਟੇ ਦਾ ਭਲਕੇ ਦੀਵਾਲੀ ਵਾਲੇ ਦਿਨ ਹੋਵੇਗਾ ਅੰਤਿਮ ਸੰਸਕਾਰ, ਅੱਜ PGI ‘ਚ ਹੋਇਆ ਪੋਸਟਮਾਰਟਮ

Top Trending News ਪੰਜਾਬ
  • ਪਰਵਿੰਦਰ ਝੋਟੇ ਦਾ ਭਲਕੇ ਦੀਵਾਲੀ ਵਾਲੇ ਦਿਨ ਹੋਵੇਗਾ ਅੰਤਿਮ ਸੰਸਕਾਰ, ਅੱਜ PGI ‘ਚ ਹੋਇਆ ਪੋਸਟਮਾਰਟਮ

ਮਾਨਸਾ, 7 ਨਵੰਬਰ (ਦੇਸ਼ ਕਲਿੱਕ ਬਿਊਰੋ): ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਅੱਜ PGI ‘ਚ ਮੁਕੰਮਲ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਐਤਵਾਰ ਨੂੰ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ। ਐਕਸ਼ਨ ਕਮੇਟੀ ਮੁਤਾਬਕ, ਅੱਜ ਸ਼ਾਮ 5 ਵਜੇ ਮ੍ਰਿਤਕ ਦੇਹ ਨੂੰ PGI ਚੰਡੀਗੜ੍ਹ ਤੋਂ ਲਿਆਂਦਾ ਜਾਵੇਗਾ। ਪਹਿਲਾਂ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਰੱਖਿਆ ਜਾਵੇਗਾ ਅਤੇ ਇਸ ਤੋਂ ਬਾਅਦ ਧਰਨਾ ਸਥਾਨ ’ਤੇ ਲਿਜਾਇਆ ਜਾਵੇਗਾ। ਐਤਵਾਰ ਦੁਪਹਿਰ 12 ਤੋਂ 1 ਵਜੇ ਦਰਮਿਆਨ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੀ ਜੱਦੀ ਜ਼ਮੀਨ ’ਤੇ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਪਤਨੀ ਨੇ ਟ੍ਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ
ਇਸ ਦੌਰਾਨ ਝੋਟੇ ਦੀ ਪਤਨੀ ਮਨਪ੍ਰੀਤ ਕੌਰ ਨੇ ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਰਿਵਾਰ ਨੂੰ ਸੋਸ਼ਲ ਮੀਡੀਆ ’ਤੇ ਟ੍ਰੋਲ ਕਰਨ ਵਾਲਿਆਂ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਗੁੱਸੇ ਵਿੱਚ ਕਿਹਾ ਕਿ ਅਜਿਹੇ ਲੋਕ 12 ਬੋਰ ਦੀ ਬੰਦੂਕ ਲੈ ਕੇ ਮਾਨਸਾ ਆਉਣ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਗੋਲੀ ਮਾਰ ਦੇਣ।

SSP ਦੇ ਤਬਾਦਲੇ ਦੀ ਮੰਗ ’ਤੇ ਅੜੇ ਪਿਤਾ
ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਪੁੱਤਰ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਮਾਨਸਾ ਦੇ SSP ਵੈਭਵ ਚੌਧਰੀ ਦਾ ਤਬਾਦਲਾ ਕਰੇ। ਉਨ੍ਹਾਂ ਦੋਸ਼ ਲਾਇਆ ਕਿ ਇਲਾਕੇ ਵਿੱਚ ਨਸ਼ਾ ਨਾ ਰੋਕ ਸਕਣ ਕਾਰਨ ਹੀ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਹੋਈ। ਭੀਮ ਸਿੰਘ ਨੇ ਐਲਾਨ ਕੀਤਾ ਕਿ ਜਦੋਂ ਤੱਕ SSP ਦਾ ਤਬਾਦਲਾ ਨਹੀਂ ਹੁੰਦਾ, ਉਹ ਅੰਨ ਦਾ ਇੱਕ ਦਾਣਾ ਵੀ ਨਹੀਂ ਖਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਸਬੰਧੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਹੋਈ ਮੀਟਿੰਗ ਵਿੱਚ ਵੀ ਗੱਲਬਾਤ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟੇ ਦੀ 13 ਅਕਤੂਬਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।