ਦੀਵਾਲੀ ਮੌਕੇ ਦਿੱਲੀ ਦੀ ਹਵਾ ਹੋਈ ਜ਼ਹਿਰੀਲੀ, ਕਈ ਇਲਾਕਿਆਂ ਵਿੱਚ AQI 400 ਦੇ ਨੇੜੇ; 10 ਸੂਬਿਆਂ ਵਿੱਚ ਮੀਂਹ ਦੀ ਸੰਭਾਵਨਾ
ਨਵੀਂ ਦਿੱਲੀ, 8 ਨਵੰਬਰ: ਦੀਵਾਲੀ ਦੇ ਤਿਉਹਾਰ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ। 8 ਨਵੰਬਰ ਦੀ ਸਵੇਰ ਨੂੰ ਹੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ (AQI) 400 ਦੇ ਨੇੜੇ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦੇਸ਼ ਦੇ ਲਗਭਗ 50 ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਪੱਧਰ ’ਤੇ ਪਹੁੰਚ ਗਈ ਹੈ।
ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਵੱਲੋਂ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਸਮੇਂ ਦੋ ਤਰ੍ਹਾਂ ਦਾ ਮੌਸਮ ਦੇਖਣ ਨੂੰ ਮਿਲ ਰਿਹਾ ਹੈ। ਉੱਤਰੀ ਭਾਰਤ ਵਿੱਚ ਤਾਪਮਾਨ ਵਿੱਚ ਗਿਰਾਵਟ ਕਾਰਨ ਠੰਢ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ।
ਦੂਜੇ ਪਾਸੇ, ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਸਰਗਰਮ ਹੋਣ ਕਾਰਨ ਦੱਖਣੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਵਿਭਾਗ ਨੇ ਅੱਜ ਦੇਸ਼ ਦੇ 10 ਸੂਬਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਤਰ੍ਹਾਂ ਇੱਕ ਪਾਸੇ ਉੱਤਰੀ ਭਾਰਤ ਵਿੱਚ ਸਰਦੀ ਵਧ ਰਹੀ ਹੈ, ਜਦਕਿ ਦੂਜੇ ਪਾਸੇ ਕਈ ਸੂਬਿਆਂ ਵਿੱਚ ਮੀਂਹ ਕਾਰਨ ਮੌਸਮ ਬਦਲਣ ਦੇ ਆਸਾਰ ਹਨ।





