ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਗੈਂਗਸਟਰ ਅਫ਼ਰੀਦੀ ਨੂੰ ਇਥੋਪੀਆ ਤੋਂ ਪੰਜਾਬ ਲਿਆਂਦਾ, 10 ਮਹੀਨੇ ਚੱਲੀ ਭਾਲ

Top Trending News ਚੰਡੀਗੜ੍ਹ ਪੰਜਾਬ

 

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਗੈਂਗਸਟਰ ਅਫ਼ਰੀਦੀ ਨੂੰ ਇਥੋਪੀਆ ਤੋਂ ਪੰਜਾਬ ਲਿਆਂਦਾ, 10 ਮਹੀਨੇ ਚੱਲੀ ਭਾਲ

ਚੰਡੀਗੜ੍ਹ 8 ਨਵੰਬਰ 2026

ਪੰਜਾਬ ਪੁਲਿਸ ਦੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਦੇ ਸਹਿਯੋਗ ਨਾਲ ਵੱਡੀ ਕਾਰਵਾਈ ਕਰਦਿਆਂ ਡੋਨੀ ਬਲ-ਪ੍ਰਭ ਦਸੂਵਾਲ ਗਿਰੋਹ ਦੇ ਮੁੱਖ ਸਰਗਣੇ ਗੁਰਵਿੰਦਰ ਉਰਫ਼ ਅਫ਼ਰੀਦੀ ਨੂੰ ਇਥੋਪੀਆ ਤੋਂ ਵਾਪਸ ਪੰਜਾਬ ਲਿਆਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਵਿਦੇਸ਼ਾਂ ਵਿੱਚ ਲੁਕੇ ਭਗੌੜਿਆਂ ਦੀ ਭਾਲ ਅਤੇ ਹਵਾਲਗੀ ਲਈ ਬਣੇ ਵਿਸ਼ੇਸ਼ ਸੈੱਲ ਦੇ ਸਹਿਯੋਗ ਨਾਲ ‘ਆਪਰੇਸ਼ਨ ਸ਼ਹੀਦ’ ਤਹਿਤ ਇਹ ਕਾਰਵਾਈ ਕੀਤੀ ਗਈ। ਇਸ ਲਈ ਪਿਛਲੇ 10 ਮਹੀਨਿਆਂ ਤੋਂ ਕੌਮਾਂਤਰੀ ਪੱਧਰ ’ਤੇ ਭਾਲ ਕੀਤੀ ਜਾ ਰਹੀ ਸੀ।

ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਵਿਦੇਸ਼ ਵਿੱਚ ਬੈਠ ਕੇ ਪੰਜਾਬ ਅੰਦਰ ਨਿਸ਼ਾਨਾ ਬਣਾ ਕੇ ਕਤਲ ਕਰਨ ਦੀਆਂ ਵਾਰਦਾਤਾਂ, ਫਿਰੌਤੀ ਲਈ ਗੋਲੀਬਾਰੀ ਅਤੇ ਹੋਰ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਕਥਿਤ ਤੌਰ ’ਤੇ ਅੰਜਾਮ ਦੇਣ ਦੀਆਂ ਹਦਾਇਤਾਂ ਦੇ ਰਿਹਾ ਸੀ। ਪੰਜਾਬ ਸਰਕਾਰ ਵੱਲੋਂ ਉਸ ਦੀ ਗ੍ਰਿਫ਼ਤਾਰੀ ਵਿੱਚ ਮਦਦਗਾਰ ਜਾਣਕਾਰੀ ਦੇਣ ਵਾਲੇ ਲਈ ਪੰਜ ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ।

ਇਸ ਕਾਰਵਾਈ ਦੌਰਾਨ ਏਜੰਸੀਆਂ ਨੇ ਏਸ਼ੀਆ, ਦੱਖਣੀ ਅਮਰੀਕਾ ਅਤੇ ਅਫ਼ਰੀਕਾ ਦੇ ਕਈ ਦੇਸ਼ਾਂ ਵਿੱਚ ਖ਼ੁਫ਼ੀਆ ਜਾਣਕਾਰੀ ਇਕੱਠੀ ਕਰਨ, ਨਿਗਰਾਨੀ ਰੱਖਣ ਅਤੇ ਮੁਲਜ਼ਮ ਦੀ ਪੈੜ ਨੱਪਣ ਦਾ ਕੰਮ ਕੀਤਾ।

ਪੰਜਾਬ ਪੁਲਿਸ ਨੇ ਇਸ ਕੌਮਾਂਤਰੀ ਕਾਰਵਾਈ ਵਿੱਚ ਸਹਿਯੋਗ ਲਈ ਵਿਦੇਸ਼ ਮੰਤਰਾਲੇ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਧੰਨਵਾਦ ਕੀਤਾ ਹੈ। ਪੁਲਿਸ ਅਨੁਸਾਰ ਗੈਂਗਸਟਰਾਂ ਦੇ ਜਾਲ ਨੂੰ ਤੋੜਨ ਅਤੇ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।