ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਨੂੰ ਹੁਲਾਰਾ, ਇੱਕ ਸਾਲ ’ਚ ਵਿਦਿਆਰਥੀਆਂ ਨੂੰ ਮਿਲਣਗੇ 56,183 ਕੰਪਿਊਟਰ
ਚੰਡੀਗੜ੍ਹ, 9 ਨਵੰਬਰ 2026: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਦੇ ਪਸਾਰ ਲਈ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵੱਡੇ ਪੱਧਰ ’ਤੇ ਕੰਪਿਊਟਰ ਮੁਹੱਈਆ ਕਰਵਾਏ ਜਾ ਰਹੇ ਹਨ। ਸਰਕਾਰ ਅਨੁਸਾਰ ਇਸ ਸਾਲ ਹੁਣ ਤੱਕ 40,003 ਕੰਪਿਊਟਰ ਲਗਾਏ ਜਾ ਚੁੱਕੇ ਹਨ, ਜਦਕਿ ਪਹਿਲੀ ਦਸੰਬਰ ਤੱਕ ਹੋਰ 16,180 ਕੰਪਿਊਟਰ ਸਕੂਲਾਂ ਵਿੱਚ ਪਹੁੰਚਾਏ ਜਾਣਗੇ। ਇਸ ਨਾਲ ਕੁੱਲ ਗਿਣਤੀ 56,183 ਹੋ ਜਾਵੇਗੀ।
ਇਸ ਪ੍ਰੋਜੈਕਟ ’ਤੇ ਪਹਿਲੇ ਪੜਾਅ ਦੌਰਾਨ ਕਰੀਬ 396 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਪਹਿਲਾਂ ਹੀ 5,064 ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ ਅਤੇ ਦਸੰਬਰ ਤੱਕ 2,004 ਹੋਰ ਸਕੂਲਾਂ ਵਿੱਚ ਲੈਬਾਂ ਬਣਾਈਆਂ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰ ਬੱਚੇ ਨੂੰ ਆਧੁਨਿਕ ਤਕਨਾਲੋਜੀ ਅਤੇ ਮਿਆਰੀ ਸਿੱਖਿਆ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸੇ ਸਾਲ 3,694 ਸਕੂਲਾਂ ਵਿੱਚ 8,268 ਇੰਟਰਐਕਟਿਵ ਫਲੈਟ ਪੈਨਲ ਵੀ ਪਹੁੰਚਾਏ ਗਏ ਹਨ।
ਸਰਕਾਰ ਮੁਤਾਬਕ ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਨੂੰ ਡਿਜੀਟਲ ਹੁਨਰਾਂ ਨਾਲ ਜੋੜਨਾ ਅਤੇ ਸਰਕਾਰੀ ਸਕੂਲਾਂ ਵਿੱਚ ਤਕਨਾਲੋਜੀ ਆਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਹੈ।





