BREAKING: ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ
ਨਵੀਂ ਦਿੱਲੀ, 9 ਨਵੰਬਰ 2026: ਕੈਂਸਰ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਰਾਹਤ ਦੀ ਖ਼ਬਰ ਹੈ। ਦੇਸ਼ ਭਰ ਵਿੱਚ ਕੈਂਸਰ ਦੇ ਇਲਾਜ (cancer drugs become cheaper) ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਸੋਧੀਆਂ ਹੋਈਆਂ ਵੱਧ ਤੋਂ ਵੱਧ ਪ੍ਰਚੂਨ ਕੀਮਤਾਂ (MRP) ਅੱਜ ਤੋਂ ਲਾਗੂ ਹੋ ਗਈਆਂ ਹਨ, ਜਿਸ ਨਾਲ ਮਰੀਜ਼ਾਂ ਨੂੰ ਦਵਾਈਆਂ ਦੀ ਖਰੀਦ ਸਮੇਂ ਆਰਥਿਕ ਰਾਹਤ ਮਿਲਣ ਦੀ ਉਮੀਦ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਗਈ ‘ਟਰੇਡ ਮਾਰਜਿਨ ਰੈਸ਼ਨਲਾਈਜ਼ੇਸ਼ਨ’ (ਟੀਐਮਆਰ) ਵਿਵਸਥਾ ਤਹਿਤ 137 ਗੈਰ-ਨਿਰਧਾਰਤ ਕੈਂਸਰ-ਰੋਧੀ ਦਵਾਈਆਂ ’ਤੇ ਵਪਾਰਕ ਮਾਰਜਿਨ ਨੂੰ ਵੱਧ ਤੋਂ ਵੱਧ ਪ੍ਰਚੂਨ ਕੀਮਤ ਦੇ 30 ਫ਼ੀਸਦੀ ਤੱਕ ਸੀਮਤ ਕਰ ਦਿੱਤਾ ਗਿਆ ਹੈ।
ਇਸ ਫ਼ੈਸਲੇ ਦੇ ਨਤੀਜੇ ਵਜੋਂ ਦੇਸ਼ ਵਿੱਚ ਕੈਂਸਰ ਦੇ ਇਲਾਜ ਨਾਲ ਸਬੰਧਤ ਕੁੱਲ 1,364 ਦਵਾਈਆਂ ਦੇ ਫਾਰਮੂਲੇਸ਼ਨਾਂ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ।
ਇਸ ਕਦਮ ਦਾ ਮੁੱਖ ਉਦੇਸ਼ ਕੈਂਸਰ ਦੇ ਇਲਾਜ ਦੌਰਾਨ ਮਰੀਜ਼ਾਂ ’ਤੇ ਪੈਣ ਵਾਲੇ ਦਵਾਈਆਂ ਦੇ ਵਿੱਤੀ ਬੋਝ ਨੂੰ ਘਟਾਉਣਾ ਅਤੇ ਮਹਿੰਗੇ ਇਲਾਜ ਨੂੰ ਵਧੇਰੇ ਕਿਫਾਇਤੀ ਬਣਾਉਣਾ ਹੈ। ਨਵੀਆਂ ਕੀਮਤਾਂ ਲਾਗੂ ਹੋਣ ਨਾਲ ਦੇਸ਼ ਭਰ ਦੇ ਕੈਂਸਰ ਮਰੀਜ਼ਾਂ ਨੂੰ ਲਾਭ ਮਿਲਣ ਦੀ ਉਮੀਦ ਹੈ।





