AAP ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, MLA ਦੇ ਦਫ਼ਤਰ ਤੋਂ ਮਹਿਜ਼ 200 ਮੀਟਰ ਦੂਰ ਵਿਕ ਰਿਹਾ ਚਿੱਟਾ: ਅਨਿਲ ਸਰੀਨ
ਲੁਧਿਆਣਾ, 9 ਨਵੰਬਰ 2026- ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਲੁਧਿਆਣਾ ਦੇ ਹਲਕਾ ਪੂਰਬੀ ਵਿੱਚ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਦਫ਼ਤਰ ਤੋਂ ਮਹਿਜ਼ 200 ਮੀਟਰ ਦੀ ਦੂਰੀ ’ਤੇ ਚਿੱਟੇ ਦੀ ਕਥਿਤ ਵਿਕਰੀ ਸਾਹਮਣੇ ਆਉਣ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ, ਪਰ ਇੱਕ ਅਖਬਾਰ ਦੇ ਸਟਿੰਗ ਆਪ੍ਰੇਸ਼ਨ ਨੇ ਇਨ੍ਹਾਂ ਦਾਅਵਿਆਂ ਦੀ ਹਕੀਕਤ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਜਦੋਂ ਵਿਧਾਇਕ ਦੇ ਦਫ਼ਤਰ ਦੇ ਇੰਨੇ ਨੇੜੇ ਚਿੱਟਾ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ ਅਤੇ ਨੌਜਵਾਨ ਮਿੰਟਾਂ ਵਿੱਚ ਨਸ਼ਾ ਦਿਵਾਉਣ ਦਾ ਦਾਅਵਾ ਕਰ ਰਹੇ ਹਨ, ਤਾਂ ਬਾਕੀ ਸ਼ਹਿਰ ਅਤੇ ਸੂਬੇ ਦੀ ਸਥਿਤੀ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ।
ਅਨਿਲ ਸਰੀਨ ਨੇ ਸਵਾਲ ਕੀਤਾ ਕਿ ਜੇਕਰ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਇੰਨੀ ਪ੍ਰਭਾਵਸ਼ਾਲੀ ਹੈ ਤਾਂ ਵਿਧਾਇਕ ਦੇ ਦਫ਼ਤਰ ਦੇ ਨੇੜੇ ਨਸ਼ੇ ਦਾ ਇਹ ਕਥਿਤ ਕਾਰੋਬਾਰ ਕਿਵੇਂ ਚੱਲ ਰਿਹਾ ਹੈ? ਕੀ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਨਹੀਂ ਜਾਂ ਜਾਣਬੁੱਝ ਕੇ ਅੱਖਾਂ ਬੰਦ ਕੀਤੀਆਂ ਜਾ ਰਹੀਆਂ ਹਨ?
ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਕਥਿਤ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਰਕਾਰ ਸਿਰਫ਼ ਇਸ਼ਤਿਹਾਰਾਂ ਤੇ ਬਿਆਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਕਰਕੇ ਦਿਖਾਵੇ।





