ਮਾਨਸਾ ’ਚ ਨਸ਼ੇ ਨੇ ਨਿਗਲਿਆ 27 ਸਾਲਾ ਨੌਜਵਾਨ, ਘਰ ’ਚੋਂ ਮਿਲੀ ਲਾਸ਼
ਮਾਨਸਾ, 9 ਨਵੰਬਰ 2026: ਪੰਜਾਬ ਵਿੱਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 5 ਤੋਂ ਸਾਹਮਣੇ ਆਇਆ ਹੈ, ਜਿੱਥੇ 27 ਸਾਲਾ ਨੌਜਵਾਨ ਮੁਕੰਦਰ ਸਿੰਘ ਦੀ ਕਥਿਤ ਤੌਰ ’ਤੇ ਚਿੱਟੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਕੰਦਰ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਘਰ ਵਿੱਚੋਂ ਮਿਲੀ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪਰਿਵਾਰ ਦੀ ਮਦਦ ਨਾਲ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਏਮਜ਼ ਬਠਿੰਡਾ ਵਿਖੇ ਭੇਜ ਦਿੱਤਾ ਗਿਆ।
ਮੁੱਢਲੀ ਜਾਣਕਾਰੀ ਮੁਤਾਬਕ ਮੌਤ ਦਾ ਕਾਰਨ ਨਸ਼ੇ ਦਾ ਟੀਕਾ ਦੱਸਿਆ ਜਾ ਰਿਹਾ ਹੈ, ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ। ਇਸ ਘਟਨਾ ਨੇ ਇੱਕ ਵਾਰ ਫਿਰ ਇਲਾਕੇ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਨੌਜਵਾਨਾਂ ਦੀ ਜ਼ਿੰਦਗੀ ’ਤੇ ਪੈ ਰਹੇ ਇਸ ਦੇ ਮਾੜੇ ਪ੍ਰਭਾਵਾਂ ਨੂੰ ਉਜਾਗਰ ਕੀਤਾ ਹੈ।





