ਦੁਖਦਾਈ ਖ਼ਬਰ: ਸਾਬਕਾ ਕੈਬਨਿਟ ਮੰਤਰੀ ਦਾ ਦੇਹਾਂਤ, 73 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਜੈਪੁਰ 9 ਨਵੰਬਰ 2026
ਰਾਜਸਥਾਨ ਦੇ ਬਹਿਰੋੜ ਤੋਂ ਭਾਜਪਾ ਵਿਧਾਇਕ ਅਤੇ ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਡਾ. ਜਸਵੰਤ ਯਾਦਵ ਦਾ ਐਤਵਾਰ ਸਵੇਰੇ ਦੇਹਾਂਤ ਹੋ ਗਿਆ। ਉਹ 73 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਜੈਪੁਰ ਵਿਖੇ ਸਵੇਰੇ 8:15 ਵਜੇ ਆਖਰੀ ਸਾਹ ਲਏ।
ਉਨ੍ਹਾਂ ਦੇ ਪੁੱਤਰ ਮੋਹਿਤ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਪਿਤਾ ਦੇ ਦੇਹਾਂਤ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਡਾ. ਜਸਵੰਤ ਯਾਦਵ ਦੇ ਜਾਣ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੇ ਪਿਆਰ, ਸਾਦਗੀ ਅਤੇ ਸਮਾਜ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਡਾ. ਜਸਵੰਤ ਯਾਦਵ ਰਾਜਸਥਾਨ ਦੀ ਸਿਆਸਤ ਦਾ ਜਾਣਿਆ-ਪਛਾਣਿਆ ਚਿਹਰਾ ਸਨ। ਉਹ ਚਾਰ ਵਾਰ ਵਿਧਾਇਕ ਚੁਣੇ ਗਏ ਅਤੇ ਅਲਵਰ ਤੋਂ ਲੋਕ ਸਭਾ ਮੈਂਬਰ ਵਜੋਂ ਵੀ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ 1998 ਵਿੱਚ ਮੁੰਡਾਵਰ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤ ਕੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ ਸੀ।
ਉਹ 2016 ਤੋਂ 2018 ਤੱਕ ਵਸੁੰਧਰਾ ਰਾਜੇ ਦੀ ਅਗਵਾਈ ਵਾਲੀ ਰਾਜਸਥਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਸਿਆਸੀ ਅਤੇ ਸਮਾਜਿਕ ਖੇਤਰ ਵਿੱਚ ਸੋਗ ਦੀ ਲਹਿਰ ਹੈ।





