INDIA-US BREAKING- ਨਸ਼ਾ ਤਸਕਰੀ ਖ਼ਿਲਾਫ਼ ਭਾਰਤ-ਅਮਰੀਕਾ ਮਿਲ ਕੇ ਕਰਨਗੇ ਕਾਰਵਾਈ, ਖੁਫੀਆ ਜਾਣਕਾਰੀ ਸਾਂਝੀ ਕਰਨ ਸਮੇਤ ਕਈ ਅਹਿਮ ਮੁੱਦਿਆਂ ’ਤੇ ਬਣੀ ਸਹਿਮਤੀ

Top Trending News ਕੌਮਾਂਤਰੀ ਰਾਸ਼ਟਰੀ

 

ਨਸ਼ਾ ਤਸਕਰੀ ਖ਼ਿਲਾਫ਼ ਭਾਰਤ-ਅਮਰੀਕਾ ਮਿਲ ਕੇ ਕਰਨਗੇ ਕਾਰਵਾਈ, ਖੁਫੀਆ ਜਾਣਕਾਰੀ ਸਾਂਝੀ ਕਰਨ ਸਮੇਤ ਕਈ ਅਹਿਮ ਮੁੱਦਿਆਂ ’ਤੇ ਬਣੀ ਸਹਿਮਤੀ

ਨਵੀਂ ਦਿੱਲੀ, 10 ਨਵੰਬਰ 2026: ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ’ਤੇ ਰੋਕ ਲਗਾਉਣ ਲਈ ਭਾਰਤ ਅਤੇ ਅਮਰੀਕਾ ਨੇ ਆਪਸੀ ਸਹਿਯੋਗ ਹੋਰ ਮਜ਼ਬੂਤ ਕਰਨ ਵੱਲ ਕਦਮ ਵਧਾਇਆ ਹੈ। ਇਸ ਸਬੰਧੀ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਧੀਨ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਵੱਲੋਂ 2 ਅਤੇ 3 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਦੂਜੀ ਭਾਰਤ-ਅਮਰੀਕਾ ਡਰੱਗ ਨੀਤੀ ਕਾਰਜਕਾਰੀ ਵਰਕਿੰਗ ਗਰੁੱਪ ਦੀ ਮੀਟਿੰਗ ਕਰਵਾਈ ਗਈ।

ਮੀਟਿੰਗ ਦੌਰਾਨ ਦੋਵਾਂ ਦੇਸ਼ਾਂ ਨੇ ਨਸ਼ਾ ਤਸਕਰੀ ਵਿਰੁੱਧ ਚੱਲ ਰਹੇ ਸਾਂਝੇ ਯਤਨਾਂ ਦੀ ਸਮੀਖਿਆ ਕੀਤੀ ਅਤੇ ਭਵਿੱਖ ਵਿੱਚ ਸਹਿਯੋਗ ਵਧਾਉਣ ਲਈ ਅਹਿਮ ਖੇਤਰਾਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਖੁਫੀਆ ਜਾਣਕਾਰੀ ਦੇ ਆਦਾਨ-ਪ੍ਰਦਾਨ, ਤਾਲਮੇਲ ਨਾਲ ਕਾਨੂੰਨੀ ਕਾਰਵਾਈ, ਨਸ਼ੀਲੇ ਪਦਾਰਥ ਬਣਾਉਣ ਵਿੱਚ ਵਰਤੇ ਜਾਂਦੇ ਪੂਰਵਗਾਮੀ ਰਸਾਇਣਾਂ ’ਤੇ ਨਿਯੰਤਰਣ ਅਤੇ ਦਵਾਈਆਂ ਦੀ ਸਪਲਾਈ ਚੇਨ ਦੀ ਨਿਗਰਾਨੀ ਵਰਗੇ ਮੁੱਦੇ ਪ੍ਰਮੁੱਖ ਰਹੇ।

ਇਸ ਤੋਂ ਇਲਾਵਾ ਨਸ਼ਿਆਂ ਦੀ ਮੰਗ ਘਟਾਉਣ ਅਤੇ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਵੀ ਤਰਜੀਹੀ ਕਦਮਾਂ ਦੀ ਪਛਾਣ ਕੀਤੀ ਗਈ।

ਦੋਵਾਂ ਦੇਸ਼ਾਂ ਨੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਵਿਰੁੱਧ ਸਾਂਝੇ ਯਤਨਾਂ ਨੂੰ ਲਗਾਤਾਰ ਅੱਗੇ ਵਧਾਉਣ ਦੀ ਵਚਨਬੱਧਤਾ ਦੁਹਰਾਈ।