ਪਰਾਲੀ ਦੇ ਮੁੱਦੇ ’ਤੇ ਪਰਗਟ ਸਿੰਘ ਦਾ ਭਾਜਪਾ ਤੇ ‘ਆਪ’ ’ਤੇ ਹਮਲਾ, ਕਿਹਾ- ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੋ
ਚੰਡੀਗੜ੍ਹ, 10 ਨਵੰਬਰ 2026: ਪੰਜਾਬ ਵਿੱਚ ਪਰਾਲੀ ਸਾੜਨ ਅਤੇ ਦਿੱਲੀ ਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸਿਆਸੀ ਤਕਰਾਰ ਤੇਜ਼ ਹੋ ਗਈ ਹੈ। ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਵੱਲੋਂ ਕੀਤੀਆਂ ਟਿੱਪਣੀਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਪੰਜਾਬ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡਦੀਆਂ।
ਪਰਗਟ ਸਿੰਘ ਨੇ ਕਿਹਾ ਕਿ ਜਦੋਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੀ, ਉਦੋਂ ਵੀ ਪ੍ਰਦੂਸ਼ਣ ਲਈ ਪੰਜਾਬ ਦੀ ਪਰਾਲੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਸੀ। ਹੁਣ ਭਾਜਪਾ ਦੀ ਸਰਕਾਰ ਵੀ ਉਸੇ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਹਰ ਵਾਰ ਦਿੱਲੀ ਦੇ ਪ੍ਰਦੂਸ਼ਣ ਦਾ ਠੀਕਰਾ ਪੰਜਾਬ ਸਿਰ ਹੀ ਕਿਉਂ ਭੰਨਿਆ ਜਾਂਦਾ ਹੈ?
ਉਨ੍ਹਾਂ ਕਿਹਾ ਕਿ ਹਵਾ ਦੀ ਦਿਸ਼ਾ ਅਤੇ ਪ੍ਰਦੂਸ਼ਣ ਨਾਲ ਜੁੜੇ ਤਕਨੀਕੀ ਪਹਿਲੂਆਂ ਨੂੰ ਸਮਝੇ ਬਿਨਾਂ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣਾ ਉਚਿਤ ਨਹੀਂ ਹੈ। ਦਿੱਲੀ ਆਪਣੇ ਪੱਧਰ ’ਤੇ ਵੀ ਕਈ ਤਰ੍ਹਾਂ ਦੇ ਪ੍ਰਦੂਸ਼ਣ ਨਾਲ ਜੂਝ ਰਹੀ ਹੈ।
ਕਾਂਗਰਸੀ ਆਗੂ ਨੇ ਕਿਹਾ ਕਿ ਪ੍ਰਦੂਸ਼ਣ ਦੀ ਸਮੱਸਿਆ ਦਾ ਹੱਲ ਲੱਭਣ ਦੀ ਬਜਾਏ ਸਿਆਸੀ ਦੋਸ਼ ਲਗਾਉਣਾ ਠੀਕ ਨਹੀਂ। ਇਸ ਲਈ ਸਾਰੇ ਕਾਰਨਾਂ ਦੀ ਨਿਰਪੱਖ ਜਾਂਚ ਕਰਕੇ ਹੱਲ ਵੱਲ ਕਦਮ ਚੁੱਕਣੇ ਚਾਹੀਦੇ ਹਨ।





