Punjab Breaking: ਘਰੇਲੂ ਝਗੜੇ ’ਚ ਭਰਾ ਨੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਵੇਰਕਾ/ਅੰਮ੍ਰਿਤਸਰ, 10 ਨਵੰਬਰ 2026: ਅੰਮ੍ਰਿਤਸਰ ਦਿਹਾਤੀ ਦੇ ਪਿੰਡ ਪੰਡੋਰੀ ਵੜੈਚ ਵਿਖੇ ਘਰੇਲੂ ਝਗੜੇ ਨੇ ਖ਼ੂਨੀ ਰੂਪ ਧਾਰਨ ਕਰ ਲਿਆ। ਮਾਮੂਲੀ ਤਕਰਾਰ ਦੌਰਾਨ ਇੱਕ ਭਰਾ ਨੇ ਆਪਣੇ ਹੀ ਸਕੇ ਭਰਾ ਨੂੰ ਦੋ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਸਿਮਰਦੀਪ ਸਿੰਘ ਉਰਫ਼ ਪ੍ਰਿੰਸ (32) ਵਜੋਂ ਹੋਈ ਹੈ, ਜਦਕਿ ਮੁਲਜ਼ਮ ਉਸ ਦਾ ਭਰਾ ਕਰਮਦੀਪ ਸਿੰਘ ਉਰਫ਼ ਕੈਮੀ ਹੈ। ਦੋਵੇਂ ਪਿੰਡ ਪੰਡੋਰੀ ਵੜੈਚ ਦੇ ਰਹਿਣ ਵਾਲੇ ਸਨ।
ਦੱਸਿਆ ਜਾ ਰਿਹਾ ਹੈ ਕਿ ਕਿਸੇ ਘਰੇਲੂ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਤਕਰਾਰ ਹੋ ਗਈ, ਜਿਸ ਦੌਰਾਨ ਗੁੱਸੇ ਵਿੱਚ ਆਏ ਕਰਮਦੀਪ ਨੇ ਪ੍ਰਿੰਸ ’ਤੇ ਦੋ ਫਾਇਰ ਕਰ ਦਿੱਤੇ। ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਵਾਰਦਾਤ ਤੋਂ ਬਾਅਦ ਮੁਲਜ਼ਮ ਆਪਣੇ ਪਰਿਵਾਰ ਸਮੇਤ ਫ਼ਰਾਰ ਹੋ ਗਿਆ। ਸੂਚਨਾ ਮਿਲਣ ’ਤੇ ਥਾਣਾ ਕੰਬੋਅ ਦੀ ਪੁਲਿਸ ਡੀਐੱਸਪੀ ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਮੌਕੇ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫ਼ਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।





