ਵੱਡੀ ਖ਼ਬਰ: ਸੰਗਰੂਰ ’ਚ PRTC ਬੱਸ ਦਾ ਦਰਦਨਾਕ ਹਾਦਸਾ: 3 ਲੋਕਾਂ ਦੀ ਮੌਤ, 24 ਜ਼ਖ਼ਮੀ; CM ਮਾਨ ਨੇ ਮੁਫ਼ਤ ਇਲਾਜ ਦੇ ਦਿੱਤੇ ਹੁਕਮ
ਚੰਡੀਗੜ੍ਹ, 11 ਨਵੰਬਰ 2026: ਸੰਗਰੂਰ ਵਿਖੇ ਪੀਆਰਟੀਸੀ (PRTC) ਦੀ ਬੱਸ ਨਾਲ ਵਾਪਰੇ ਦਰਦਨਾਕ ਹਾਦਸੇ ਨੇ ਕਈ ਪਰਿਵਾਰਾਂ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 24 ਹੋਰ ਸਵਾਰੀਆਂ ਜ਼ਖ਼ਮੀ ਹੋ ਗਈਆਂ। ਘਟਨਾ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਨੇ ਇਸ ਹਾਦਸੇ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਤਿੰਨ ਕੀਮਤੀ ਜਾਨਾਂ ਦਾ ਚਲੇ ਜਾਣਾ ਬਹੁਤ ਦੁਖਦਾਈ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ 24 ਵਿਅਕਤੀਆਂ ਵਿੱਚੋਂ 15 ਨੂੰ ਬਿਹਤਰ ਇਲਾਜ ਲਈ ਪਟਿਆਲਾ ਰੈਫਰ ਕੀਤਾ ਗਿਆ ਹੈ।
ਭਗਵੰਤ ਮਾਨ ਨੇ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਅਤੇ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਇਲਾਜ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ।
ਮੁੱਖ ਮੰਤਰੀ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।





