Breaking- 34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ 5 ਸਾਲ ਦੀ ਕੈਦ, 50 ਹਜ਼ਾਰ ਰੁਪਏ ਜੁਰਮਾਨਾ
ਚੰਡੀਗੜ੍ਹ, 12 ਨਵੰਬਰ 2026: ਕਰੀਬ 34 ਸਾਲ ਪੁਰਾਣੇ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਐੱਸ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਸਖ਼ਤ ਸਜ਼ਾ ਸੁਣਾਈ ਹੈ। ਅਦਾਲਤ ਨੇ ਉਨ੍ਹਾਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ।
ਮਾਮਲੇ ਦੀ ਸੁਣਵਾਈ ਕਰਦਿਆਂ ਜੱਜ ਯੁਕਤੀ ਗੋਇਲ ਨੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 365 ਤਹਿਤ ਪੰਜ ਸਾਲ ਦੀ ਸਖ਼ਤ ਕੈਦ ਅਤੇ ਧਾਰਾ 120-ਬੀ ਤਹਿਤ ਦੋ ਸਾਲ ਦੀ ਸਖ਼ਤ ਕੈਦ ਦਾ ਹੁਕਮ ਦਿੱਤਾ। ਇਸ ਤੋਂ ਇਲਾਵਾ ਸਾਬਕਾ ਪੁਲਿਸ ਅਧਿਕਾਰੀ ’ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਇਹ ਮਾਮਲਾ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਅਦਾਲਤੀ ਪ੍ਰਕਿਰਿਆ ਵਿੱਚ ਚੱਲ ਰਿਹਾ ਸੀ। ਸੀ.ਬੀ.ਆਈ. ਅਦਾਲਤ ਦੇ ਇਸ ਫ਼ੈਸਲੇ ਨੂੰ ਪੁਰਾਣੇ ਅਗਵਾ ਮਾਮਲੇ ਵਿੱਚ ਇੱਕ ਅਹਿਮ ਨਿਆਂਇਕ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ।





