SGPC ਚੋਣਾਂ: ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ’ਤੇ ਕੇਂਦਰ ਨੂੰ ਹਾਈਕੋਰਟ ਦੀ ਆਖਰੀ ਚਿਤਾਵਨੀ

Top Trending News ਪੰਜਾਬ
  • SGPC ਚੋਣਾਂ: ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ’ਤੇ ਕੇਂਦਰ ਨੂੰ ਹਾਈਕੋਰਟ ਦੀ ਆਖਰੀ ਚਿਤਾਵਨੀ
  • ਕੇਂਦਰ ਨੇ ਮੁੜ ਮੰਗਿਆ ਦੋ ਹਫ਼ਤਿਆਂ ਦਾ ਸਮਾਂ, ਅਦਾਲਤ ਨੇ ਪੁੱਛਿਆ- ਨਵੇਂ ਕਮਿਸ਼ਨਰ ਵਜੋਂ ਕਿਸ ਦੀ ਹੋਵੇਗੀ ਨਿਯੁਕਤੀ?

ਚੰਡੀਗੜ੍ਹ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਕਰਵਾਉਣ ਲਈ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਉੱਠਿਆ। ਕੇਂਦਰ ਸਰਕਾਰ ਵੱਲੋਂ ਜਵਾਬ ਦਾਖ਼ਲ ਕਰਨ ਲਈ ਇੱਕ ਵਾਰ ਫਿਰ ਦੋ ਹਫ਼ਤਿਆਂ ਦਾ ਸਮਾਂ ਮੰਗੇ ਜਾਣ ’ਤੇ ਅਦਾਲਤ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਹਾਈਕੋਰਟ ਨੇ ਕੇਂਦਰ ਨੂੰ ਜਵਾਬ ਦੇਣ ਦਾ ਆਖਰੀ ਮੌਕਾ ਦਿੰਦਿਆਂ ਅਗਲੀ ਸੁਣਵਾਈ ਤੋਂ ਪਹਿਲਾਂ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਬਾਰੇ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। ਅਦਾਲਤ ਨੇ ਕੇਂਦਰ ਤੋਂ ਸਿੱਧਾ ਪੁੱਛਿਆ ਹੈ ਕਿ SGPC ਚੋਣਾਂ ਕਰਵਾਉਣ ਲਈ ਨਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਕਿਸ ਵਿਅਕਤੀ ਨੂੰ ਨਿਯੁਕਤ ਕੀਤਾ ਜਾ ਰਿਹਾ ਹੈ।

30 ਸਤੰਬਰ ਨੂੰ ਵੀ ਮੰਗਿਆ ਸੀ ਜਵਾਬ
SGPC ਚੋਣਾਂ ਕਰਵਾਉਣ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਸਬੰਧੀ ਕਈ ਪਟੀਸ਼ਨਾਂ ਪਿਛਲੇ ਕੁਝ ਸਾਲਾਂ ਤੋਂ ਹਾਈਕੋਰਟ ਵਿੱਚ ਵਿਚਾਰ ਅਧੀਨ ਹਨ। 30 ਸਤੰਬਰ ਨੂੰ ਹੋਈ ਸੁਣਵਾਈ ਦੌਰਾਨ ਵੀ ਅਦਾਲਤ ਨੇ ਕੇਂਦਰ ਸਰਕਾਰ ਨੂੰ ਨਵੇਂ ਕਮਿਸ਼ਨਰ ਦੀ ਨਿਯੁਕਤੀ ਬਾਰੇ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਸਨ। ਹਾਲਾਂਕਿ, ਕੇਂਦਰ ਨੇ ਉਸ ਸਮੇਂ ਵੀ ਜਵਾਬ ਲਈ ਹੋਰ ਸਮਾਂ ਮੰਗ ਲਿਆ ਸੀ।

ਵੋਟਰ ਸੂਚੀਆਂ ਤਿਆਰ, ਚੋਣਾਂ ਕਮਿਸ਼ਨਰ ਦੀ ਨਿਯੁਕਤੀ ਦੀ ਉਡੀਕ ਵਿੱਚ
SGPC ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕੀਤੀਆਂ ਜਾ ਚੁੱਕੀਆਂ ਹਨ, ਪਰ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਖਾਲੀ ਹੋਣ ਕਾਰਨ ਅਗਲੀ ਚੋਣ ਪ੍ਰਕਿਰਿਆ ਅੱਗੇ ਨਹੀਂ ਵਧ ਰਹੀ। ਇਸ ਤੋਂ ਪਹਿਲਾਂ ਸੇਵਾਮੁਕਤ ਜੱਜ ਐੱਸ.ਐੱਸ. ਸਾਰੋਂ ਨੂੰ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਹੈ। ਹੁਣ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਤੋਂ ਬਾਅਦ ਹੀ SGPC ਚੋਣਾਂ ਕਰਵਾਉਣ ਦੀ ਪ੍ਰਕਿਰਿਆ ਅੱਗੇ ਵਧਣ ਦੀ ਉਮੀਦ ਹੈ।