Breaking- ਅਕਾਲੀ ਦਲ ’ਚ ਸ਼ਾਮਲ ਹੋਣਗੇ ਸਾਬਕਾ ਡਿਪਟੀ ਡਾਇਰੈਕਟਰ
ਲੁਧਿਆਣਾ/ਚੰਡੀਗੜ੍ਹ, 13 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਏਕੋਟ ਹਲਕੇ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਨੱਥੋਵਾਲ ਵਿਖੇ ਪਹੁੰਚ ਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ। ਉਨ੍ਹਾਂ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨੂੰ ਰਾਏਕੋਟ ਹਲਕੇ ਦੀ ਸਿਆਸਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਪ੍ਰਭਦੀਪ ਸਿੰਘ ਨੱਥੋਵਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਰਾਏਕੋਟ ਹਲਕੇ ਤੋਂ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਹੋ ਸਕਦੇ ਹਨ। ਹਾਲਾਂਕਿ, ਪਾਰਟੀ ਵੱਲੋਂ ਉਨ੍ਹਾਂ ਦੀ ਉਮੀਦਵਾਰੀ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਪ੍ਰਭਦੀਪ ਸਿੰਘ ਨੱਥੋਵਾਲ ਨੇ ਅਕਤੂਬਰ ਮਹੀਨੇ ਦੌਰਾਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੀ ਸਿਆਸੀ ਐਂਟਰੀ ਨਾਲ ਰਾਏਕੋਟ ਹਲਕੇ ਵਿੱਚ ਆਉਣ ਵਾਲੇ ਸਮੇਂ ਦੌਰਾਨ ਸਿਆਸੀ ਸਮੀਕਰਨ ਬਦਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।





