- ਇਸ ਵਾਰ ਪੰਜਾਬ ‘ਚ ਚੁਟਕਲਿਆਂ ਵਾਲੀ ਨਹੀਂ ਸਗੋਂ ਨਰਿੰਦਰ ਮੋਦੀ ਦੀ ਵਿਕਾਸ ਵਾਲੀ ਸਰਕਾਰ ਬਣਾਵਾਂਗੇ – ਮੁੱਖ ਮੰਤਰੀ ਨਾਇਬ ਸੈਣੀ
- ਮੁੱਖ ਮੰਤਰੀ ਨੇ ਪੰਜਾਬ ਦੇ ਜਲੰਧਰ ਵਿਖੇ ਆਯੋਜਿਤ ਜਨ ਸਭਾ ਨੂੰ ਕੀਤਾ ਸੰਬੋਧਨ
- ਹਰਿਆਣਾ ਵਿੱਚ ਬਿਨਾਂ ਪਰਚੀ-ਖਰਚੀ ਦੇ ਦੋ ਲੱਖ ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ, ਸਰਕਾਰ ਬਣਨ ‘ਤੇ ਪੰਜਾਬ ਵਿੱਚ ਵੀ ਲਾਗੂ ਹੋਵੇਗੀ ਇਹੀ ਨੀਤੀ
- ਕਿਹਾ, ਆਮ ਆਦਮੀ ਪਾਰਟੀ ਨੇ ਪਿਛਲੀਆਂ ਚੋਣਾਂ ਵਿੱਚ ਪੰਜਾਬ ਦੇ 25 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਅੱਜ ਮੁੱਖ ਮੰਤਰੀ ਮਾਨ ਮਾਣ ਨਾਲ ਦੱਸਦੇ ਹਨ ਕਿ 60 ਹਜ਼ਾਰ ਨੌਕਰੀਆਂ ਦਿੱਤੀਆਂ
ਚੰਡੀਗੜ੍ਹ, 13 ਨਵੰਬਰ (ਦੇਸ਼ ਕਲਿੱਕ ਬਿਊਰੋ) – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਫਰਵਰੀ ਵਿੱਚ ਹੋਣ ਵਾਲੀਆਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਇੱਥੋਂ ਦੇ ਨਸ਼ਾ ਕਾਰੋਬਾਰੀ ਜਾਂ ਤਾਂ ਇਹ ਕੰਮ ਛੱਡ ਦੇਣਗੇ ਜਾਂ ਫਿਰ ਸੂਬਾ ਛੱਡ ਦੇਣਗੇ। ਪੰਜਾਬ ਅਤੇ ਹਰਿਆਣਾ ਵਿੱਚ ਨਸ਼ੇ ਦੇ ਸੌਦਾਗਰ ਨਹੀਂ ਰਹਿਣ ਦਿੱਤੇ ਜਾਣਗੇ। ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਇਸ ਵਾਰ ਪੰਜਾਬ ਵਿੱਚ ਚੁਟਕਲਿਆਂ ਵਾਲੀ ਨਹੀਂ ਸਗੋਂ ਨਰਿੰਦਰ ਮੋਦੀ ਦੀ ਵਿਕਾਸ ਵਾਲੀ ਸਰਕਾਰ ਬਣਾਉਣਗੇ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਸ਼ੁੱਕਰਵਾਰ ਨੂੰ ਪੰਜਾਬ ਦੇ ਜਲੰਧਰ ਵਿਖੇ ਆਯੋਜਿਤ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਛੇ ਮਹੀਨਿਆਂ ਵਿੱਚ ਨਸ਼ਾ ਖਤਮ ਕਰ ਦਿੱਤਾ ਜਾਵੇਗਾ, ਪਰ ਇੱਥੇ ਹਰ ਰੋਜ਼ ਨਸ਼ੇ ਦੀ ਦਲਦਲ ਵਧਦੀ ਗਈ ਜਿਸ ਵਿੱਚ ਇੱਥੋਂ ਦੀ ਨੌਜਵਾਨ ਪੀੜ੍ਹੀ ਧਸਦੀ ਚਲੀ ਗਈ, ਪਰ ਸਰਕਾਰ ਕੋਲ ਨਸ਼ਾ ਖਤਮ ਕਰਨ ਲਈ ਨਾ ਤਾਂ ਕੋਈ ਨੀਤੀ ਹੈ ਅਤੇ ਨਾ ਹੀ ਨੀਅਤ ਹੈ।
ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2029 ਤੱਕ ਦੇਸ਼ ਵਿੱਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਦਾ ਸੰਕਲਪ ਲਿਆ ਹੈ, ਜਿਸ ਨੂੰ ਪੂਰਾ ਕਰਨ ਲਈ ਰਾਸ਼ਟਰੀ ਪੱਧਰ ‘ਤੇ ਮਜ਼ਬੂਤ ਨੀਤੀ ਬਣਾਈ ਜਾ ਰਹੀ ਹੈ। ਇਸ ਤਰ੍ਹਾਂ ਦੇ ਵੱਡੇ ਸੰਕਲਪਾਂ ਨੂੰ ਸਿਰਫ਼ ਭਾਜਪਾ ਸਰਕਾਰ ਹੀ ਪੂਰਾ ਕਰ ਸਕਦੀ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਸਿਰਫ਼ ਝੂਠੇ ਵਾਅਦਿਆਂ ਦੇ ਸਹਾਰੇ ਵੋਟਾਂ ਲੈਣਾ ਹੀ ਜਾਣਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੀਆਂ ਚੋਣਾਂ ਵਿੱਚ ਵਾਅਦਾ ਕੀਤਾ ਸੀ ਕਿ ਪੰਜਾਬ ਦੇ 25 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣਗੇ, ਪਰ ਅੱਜ ਮੁੱਖ ਮੰਤਰੀ ਟੈਲੀਵਿਜ਼ਨ ‘ਤੇ ਮਾਣ ਨਾਲ ਦੱਸਦੇ ਹਨ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਵਿੱਚ 60 ਹਜ਼ਾਰ ਨੌਕਰੀਆਂ ਦਿੱਤੀਆਂ ਹਨ। ਇਹ ਨੌਕਰੀਆਂ ਵੀ ਪ੍ਰਭਾਵਸ਼ਾਲੀ ਲੋਕਾਂ ਦੇ ਬੱਚਿਆਂ ਨੂੰ ਭ੍ਰਿਸ਼ਟਾਚਾਰ ਦੇ ਸਹਾਰੇ ਮਿਲੀਆਂ ਹਨ, ਜਿਸ ਨਾਲ ਮਿਹਨਤੀ ਅਤੇ ਗਰੀਬ ਨੌਜਵਾਨਾਂ ਦੇ ਸੁਪਨਿਆਂ ਨੂੰ ਸਰਕਾਰ ਨੇ ਰੋਲ ਦਿੱਤਾ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੱਸਣ ਕਿ ਉਨ੍ਹਾਂ ਨੇ ਪੰਜਾਬ ਵਿੱਚ ਕਿੰਨੇ ਮੁਹੱਲਾ ਕਲੀਨਿਕ ਖੋਲ੍ਹੇ, ਇਨ੍ਹਾਂ ਵਿੱਚ ਕਿੰਨੇ ਲੋਕਾਂ ਦਾ ਮੁਫ਼ਤ ਇਲਾਜ ਹੋਇਆ ਅਤੇ ਲੋਕਾਂ ਨੂੰ ਇੱਥੇ ਕੀ-ਕੀ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹਰਿਆਣਾ ਦੀ 3 ਕਰੋੜ ਆਬਾਦੀ ਵਿੱਚੋਂ ਡੇਢ ਕਰੋੜ ਲੋਕਾਂ ਦੇ ਆਯੁਸ਼ਮਾਨ ਕਾਰਡ ਬਣਵਾਏ ਗਏ ਹਨ, ਜਿਨ੍ਹਾਂ ਨੂੰ ਹਰ ਸਾਲ 5 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਹੈ। ਇਸ ਤਹਿਤ ਹੁਣ ਤੱਕ 40 ਲੱਖ ਲੋਕਾਂ ਨੇ ਮੁਫ਼ਤ ਇਲਾਜ ਕਰਵਾਇਆ ਹੈ ਜਿਸ ‘ਤੇ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ 6000 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦੇਣ ਦਾ ਸੰਕਲਪ ਲਿਆ ਸੀ, ਜਿਸ ਨੂੰ ਸਰਕਾਰ ਬਣਦਿਆਂ ਹੀ ‘ਦੀਨਦਿਆਲ ਲਾਡੋ ਲਕਸ਼ਮੀ ਯੋਜਨਾ’ ਬਣਾ ਕੇ ਪੂਰਾ ਕੀਤਾ ਗਿਆ। ਸਰਕਾਰ ਨੇ ਆਪਣੇ ਪਹਿਲੇ ਹੀ ਬਜਟ ਵਿੱਚ ਇਸ ਲਈ 5000 ਕਰੋੜ ਰੁਪਏ ਅਤੇ ਦੂਜੇ ਬਜਟ ਵਿੱਚ 6500 ਕਰੋੜ ਰੁਪਏ ਦਾ ਪ੍ਰਬੰਧ ਕੀਤਾ। ਹੁਣ ਤੱਕ ਇਸ ਤਹਿਤ 10 ਲੱਖ ਤੋਂ ਵੱਧ ਔਰਤਾਂ ਨੂੰ 2500 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ, ਜਦੋਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ 5 ਸਾਲ ਪਹਿਲਾਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਹੁਣ ਚੋਣਾਂ ਸਿਰ ‘ਤੇ ਆਉਣ ਵੇਲੇ ਵੋਟਾਂ ਲੈਣ ਦੀ ਨੀਅਤ ਨਾਲ ਲਾਗੂ ਕੀਤਾ ਗਿਆ ਹੈ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਚੁਟਕਲਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ। ਪਰ ਜਨਤਾ ਹੁਣ ਸਮਝਣ ਲੱਗੀ ਹੈ ਕਿ ਚੁਟਕਲਿਆਂ ਨਾਲ ਸਿਨੇਮਾਘਰ ਤਾਂ ਚੱਲ ਸਕਦੇ ਹਨ, ਸਰਕਾਰ ਨਹੀਂ ਚੱਲਦੀ। ਅੱਜ ਪੰਜਾਬ ਦੀ ਜਨਤਾ ਨੂੰ ਮਿਲ ਕੇ ਫੈਸਲਾ ਕਰਨਾ ਹੈ ਕਿ ਪੰਜਾਬ ਨੂੰ ਗੁੰਮਰਾਹ ਕਰਨ ਵਾਲਿਆਂ ਨੂੰ ਵੋਟ ਦੀ ਸੱਟ ਨਾਲ ਸਬਕ ਸਿਖਾਉਣਾ ਹੈ ਅਤੇ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਅੱਗੇ ਵਧਾਉਣ ਲਈ ਇੱਥੇ ਨਰਿੰਦਰ ਮੋਦੀ ਦੀ ਡਬਲ ਇੰਜਣ ਸਰਕਾਰ ਬਣਾਉਣੀ ਹੈ।
ਮੁੱਖ ਮੰਤਰੀ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਵੀ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਇੱਥੇ ਅਮਨ-ਚੈਨ ਕਾਇਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਇੱਥੇ ਵੀ ਹਰਿਆਣਾ ਦੀਆਂ ਨੀਤੀਆਂ ਨੂੰ ਲਾਗੂ ਕੀਤਾ ਜਾਵੇਗਾ, ਜਿੱਥੇ ਕਿਸਾਨਾਂ ਦੀਆਂ ਸਾਰੀਆਂ 24 ਫਸਲਾਂ ਨੂੰ ਐਮ.ਐਸ.ਪੀ. ‘ਤੇ ਖਰੀਦਿਆ ਜਾਂਦਾ ਹੈ ਅਤੇ ਨੌਜਵਾਨਾਂ ਨੂੰ ਬਿਨਾਂ ਪਰਚੀ-ਬਿਨਾਂ ਖਰਚੀ ਦੇ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ 2 ਲੱਖ ਮਿਹਨਤੀ ਅਤੇ ਯੋਗ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਜਦੋਂਕਿ ਪੰਜਾਬ ਵਿੱਚ ਜ਼ਿਆਦਾਤਰ ਭਰਤੀਆਂ ਅਦਾਲਤੀ ਕੇਸਾਂ ਵਿੱਚ ਫਸੀਆਂ ਹੋਈਆਂ ਹਨ। ਕਦੇ ਨੰਬਰ-ਇੱਕ ਰਿਹਾ ਪੰਜਾਬ ਅੱਜ ਸਰਕਾਰ ਦੀਆਂ ਗਲਤੀਆਂ ਕਾਰਨ ਵਿਕਾਸ ਦੇ ਮਾਮਲੇ ਵਿੱਚ ਬਹੁਤ ਪਛੜ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ ਮੁਹੱਈਆ ਕਰਵਾਏ ਜਾ ਰਹੇ ਹਨ। ਪਿਛਲੇ 12 ਸਾਲਾਂ ਵਿੱਚ 1.60 ਲੱਖ ਪਰਿਵਾਰਾਂ ਨੂੰ ਰਹਿਣ ਲਈ ਮਕਾਨ ਦਿੱਤੇ ਗਏ ਹਨ। ਜਿਨ੍ਹਾਂ ਲੋਕਾਂ ਕੋਲ ਮਕਾਨ ਬਣਾਉਣ ਲਈ ਜ਼ਮੀਨ ਨਹੀਂ ਸੀ, ਉਨ੍ਹਾਂ ਨੂੰ ਪੇਂਡੂ ਖੇਤਰਾਂ ਵਿੱਚ 100 ਗਜ਼ ਅਤੇ ਸ਼ਹਿਰੀ ਖੇਤਰਾਂ ਵਿੱਚ 30 ਗਜ਼ ਦੇ ਪਲਾਟ ਵੀ ਦਿੱਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਭਾਜਪਾ ਨੂੰ ਵੋਟ ਦੇ ਕੇ ਇੱਥੋਂ ਦੇ ਵਿਕਾਸ ਨੂੰ ਚੁਣੇ।
ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਤਰੁਣ ਭੰਡਾਰੀ, ਸ. ਅਰੁਣ ਵਾਲੀਆ, ਦੇਵੇਂਦਰ ਵਾਲੀਆ, ਸੁਸ਼ੀਲ ਰਿੰਕੂ, ਜ਼ਿਲ੍ਹਾ ਪ੍ਰਧਾਨ ਸ. ਅਸ਼ੋਕ ਸਰੀਨ, ਸੂਬਾ ਕਾਰਜਕਾਰਨੀ ਮੈਂਬਰ ਸ. ਦਿਨੇਸ਼ ਢੱਲ, ਐਮ.ਡੀ. ਪ੍ਰਿੰਸ ਚੋਪੜਾ, ਕੌਂਸਲਰ ਰਵੀ ਕੁਮਾਰੀ, ਗੁਰਪ੍ਰੀਤ ਵਿੱਕੀ ਅਤੇ ਬਬਲੂ ਪੰਡਿਤ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।





