- ਅੰਮ੍ਰਿਤਪਾਲ ਸਿੰਘ ਅੱਜ ਵੀ ਨਹੀਂ ਆਉਣਗੇ ਅੰਮ੍ਰਿਤਸਰ, ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੇ ਜਤਾਈ ਅਸਮਰੱਥਾ; ਵਕੀਲਾਂ ਨੇ ਮੰਗੀ ਨਵੀਂ ਤਰੀਕ
ਚੰਡੀਗੜ੍ਹ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਅੰਮ੍ਰਿਤਸਰ ਪਹੁੰਚਣ ਨੂੰ ਲੈ ਕੇ ਬਣਿਆ ਸਸਪੈਂਸ ਖ਼ਤਮ ਹੋ ਗਿਆ ਹੈ। ਉਹ ਅੱਜ 14 ਨਵੰਬਰ ਨੂੰ ਅੰਮ੍ਰਿਤਸਰ ਨਹੀਂ ਆਉਣਗੇ। ਅੰਮ੍ਰਿਤਸਰ ਅਦਾਲਤ ਵੱਲੋਂ ਅੱਜ ਦੁਪਹਿਰ 12 ਤੋਂ 3 ਵਜੇ ਤੱਕ ਦਾ ਸਮਾਂ ਦਿੱਤੇ ਜਾਣ ਦੇ ਬਾਵਜੂਦ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਰਵਾਨਾ ਨਹੀਂ ਹੋ ਸਕੇ। ਜਾਣਕਾਰੀ ਮੁਤਾਬਕ, ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੇ ਇੰਨੇ ਘੱਟ ਸਮੇਂ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਦੇ ਪ੍ਰਬੰਧ ਕਰਨ ਵਿੱਚ ਅਸਮਰੱਥਾ ਜਤਾਈ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਸਬੰਧੀ ਈ-ਮੇਲ ਰਾਤ ਨੂੰ ਹੀ ਮਿਲੀ ਸੀ, ਜਿਸ ਤੋਂ ਬਾਅਦ ਇੰਨੀ ਜਲਦੀ ਪ੍ਰਬੰਧ ਕਰਨਾ ਮੁਸ਼ਕਲ ਸੀ।
ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਨਵੀਂ ਤਰੀਕ ਲੈਣ ਲਈ ਅੰਮ੍ਰਿਤਸਰ ਅਦਾਲਤ ਪਹੁੰਚੇ। ਉਨ੍ਹਾਂ ਵੱਲੋਂ 16 ਜਾਂ 17 ਨਵੰਬਰ ਵਿੱਚੋਂ ਕੋਈ ਇੱਕ ਤਰੀਕ ਦੇਣ ਦੀ ਮੰਗ ਕੀਤੀ ਗਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੀ ਦਾਦੀ ਚਰਨ ਕੌਰ ਦਾ ਅੰਤਿਮ ਸੰਸਕਾਰ ਇੰਨੀ ਜਲਦੀ ਕਰਨਾ ਸੰਭਵ ਨਹੀਂ ਹੈ। ਚਰਨ ਕੌਰ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਉਧਰ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਸੰਸਦ ਮੈਂਬਰ ਅੱਜ ਅੰਮ੍ਰਿਤਸਰ ਨਹੀਂ ਪਹੁੰਚਣਗੇ। ਪਾਰਟੀ ਨੇ ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਜ ਅੰਮ੍ਰਿਤਸਰ ਨਾ ਆਉਣ।
ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਦੀ ਅੰਤਰਿਮ ਜ਼ਮਾਨਤ
ਇਸੇ ਮਾਮਲੇ ਵਿੱਚ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ 14, 15 ਅਤੇ 16 ਨਵੰਬਰ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ। ਉਹ ਸਖ਼ਤ ਪੁਲਿਸ ਸੁਰੱਖਿਆ ਹੇਠ ਆਪਣੇ ਪਿੰਡ ਜੱਲੂਪੁਰ ਖੇੜਾ ਪਹੁੰਚੇ। ਅੰਮ੍ਰਿਤਸਰ ਦਿਹਾਤੀ ਪੁਲਿਸ ਉਨ੍ਹਾਂ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਲੈ ਕੇ ਪਿੰਡ ਪਹੁੰਚੀ, ਜਿੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਹਰਜੀਤ ਸਿੰਘ ਨੂੰ ਮਾਰਚ 2023 ਵਿੱਚ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਪਹਿਲਾਂ ਉਨ੍ਹਾਂ ਨੂੰ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ ਅਤੇ ਬਾਅਦ ਵਿੱਚ ਬਠਿੰਡਾ ਕੇਂਦਰੀ ਜੇਲ੍ਹ ਤਬਦੀਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਉਨ੍ਹਾਂ ’ਤੇ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਵਿੱਚ ਸਹਿਯੋਗ ਕਰਨ ਅਤੇ ਅਜਨਾਲਾ ਥਾਣੇ ਵਿੱਚ ਹੋਈ ਹਿੰਸਕ ਘਟਨਾ ਨਾਲ ਸਬੰਧਤ ਮਾਮਲੇ ਵਿੱਚ ਸ਼ਮੂਲੀਅਤ ਦੇ ਦੋਸ਼ ਲਗਾਏ ਸਨ।
ਪਰਿਵਾਰ ਵੱਲੋਂ ਅਗਲੀ ਤਰੀਕ ਦੀ ਉਡੀਕ
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ 15 ਨਵੰਬਰ ਨੂੰ ਛੱਡ ਕੇ ਕੋਈ ਵੀ ਅਗਲੀ ਤਰੀਕ ਦਿੱਤੀ ਜਾਵੇ, ਤਾਂ ਜੋ ਅੰਮ੍ਰਿਤਪਾਲ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣ। ਉਧਰ, ਪਰਿਵਾਰਕ ਮੈਂਬਰ ਸੁਖਮਨ ਨੇ ਪੁਲਿਸ ਨੂੰ ਪੱਤਰ ਦੇ ਕੇ ਫਿਲਹਾਲ ਅੰਤਰਿਮ ਜ਼ਮਾਨਤ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਮੁਤਾਬਕ, ਅੰਤਿਮ ਸੰਸਕਾਰ ਦੀ ਤਰੀਕ ਅੱਗੇ ਪਾ ਦਿੱਤੀ ਗਈ ਹੈ। ਨਵੀਂ ਤਰੀਕ ਤੈਅ ਹੋਣ ਤੋਂ ਬਾਅਦ ਸੁਖਮਨ ਮੁੜ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਅੰਤਰਿਮ ਜ਼ਮਾਨਤ ਦੀ ਮੰਗ ਕਰਨਗੇ।
ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਕਿਹਾ ਹੈ ਕਿ ਉਹ ਸੋਮਵਾਰ ਨੂੰ ਅਦਾਲਤ ਵਿੱਚ ਮੁੜ ਪਟੀਸ਼ਨ ਦਾਇਰ ਕਰਨਗੇ।





