ਅਕਾਲੀ-ਭਾਜਪਾ ਗੱਠਜੋੜ ਦੀਆਂ ਖਬਰਾਂ ਵਿਚਾਲੇ ਪੰਜਾਬ ਭਾਜਪਾ ’ਚ ਮਤਭੇਦ ਆਏ ਸਾਹਮਣੇ

Top Trending News ਪੰਜਾਬ
  • ਅਕਾਲੀ-ਭਾਜਪਾ ਗੱਠਜੋੜ ਦੀਆਂ ਖਬਰਾਂ ਵਿਚਾਲੇ ਪੰਜਾਬ ਭਾਜਪਾ ’ਚ ਮਤਭੇਦ ਆਏ ਸਾਹਮਣੇ

ਚੰਡੀਗੜ੍ਹ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ ਤੇਜ਼ ਹੋ ਗਈਆਂ ਹਨ। ਪਾਰਟੀ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਵਿੱਚ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਸਮੇਤ ਗੱਠਜੋੜ ਦੇ ਮੁੱਖ ਮੁੱਦਿਆਂ ’ਤੇ ਸਹਿਮਤੀ ਬਣ ਗਈ ਹੈ। ਹਾਲਾਂਕਿ, ਗੱਠਜੋੜ ਦੇ ਰਸਮੀ ਐਲਾਨ ਤੋਂ ਪਹਿਲਾਂ ਹੀ ਪੰਜਾਬ ਭਾਜਪਾ ਅੰਦਰ ਇਸ ਮੁੱਦੇ ’ਤੇ ਮਤਭੇਦ ਸਾਹਮਣੇ ਆਉਣ ਲੱਗੇ ਹਨ। ਭਾਜਪਾ ਦੇ ਪੰਜਾਬ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ 17 ਨਵੰਬਰ ਨੂੰ ਪੰਜਾਬ ਦੌਰੇ ’ਤੇ ਆ ਰਹੇ ਹਨ। ਉਨ੍ਹਾਂ ਦੇ ਦੌਰੇ ਨੂੰ ਗੱਠਜੋੜ ਸਬੰਧੀ ਅਗਲੀ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਗਰੇਵਾਲ ਨੇ ਇਕੱਲੇ ਚੋਣ ਲੜਨ ਦੀ ਕੀਤੀ ਹਮਾਇਤ
ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਅਕਾਲੀ ਦਲ ਨਾਲ ਮੁੜ ਗੱਠਜੋੜ ਕਰਨ ਦੇ ਮੁੱਦੇ ’ਤੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪੁਰਾਣੇ ਅਤੇ ਟਕਸਾਲੀ ਆਗੂ ਅਕਾਲੀ ਦਲ ਨਾਲ ਮੁੜ ਹੱਥ ਮਿਲਾਉਣ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਦੀ ਰਾਏ ਹੈ ਕਿ ਭਾਜਪਾ ਨੂੰ ਆਪਣੇ ਦਮ ’ਤੇ ਚੋਣਾਂ ਲੜਨੀਆਂ ਚਾਹੀਦੀਆਂ ਹਨ ਅਤੇ ਪੰਜਾਬ ਵਿੱਚ ਆਪਣੀ ਰਾਸ਼ਟਰਵਾਦੀ ਵਿਚਾਰਧਾਰਾ ਨੂੰ ਮਜ਼ਬੂਤੀ ਨਾਲ ਸਥਾਪਿਤ ਕਰਨਾ ਚਾਹੀਦਾ ਹੈ। ਗਰੇਵਾਲ ਨੇ ਇਹ ਵੀ ਕਿਹਾ ਕਿ ਹੋਰਨਾਂ ਪਾਰਟੀਆਂ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਕੁਝ ਆਗੂ ਹੀ ਅਕਾਲੀ ਦਲ ਨਾਲ ਗੱਠਜੋੜ ਦੀ ਵਕਾਲਤ ਕਰ ਰਹੇ ਹਨ। ਉਨ੍ਹਾਂ ਮੁਤਾਬਕ, ਗੱਠਜੋੜ ਬਾਰੇ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਂਡ ਨੇ ਕਰਨਾ ਹੈ ਅਤੇ ਸਥਾਨਕ ਆਗੂਆਂ ਦਾ ਇਸ ਫ਼ੈਸਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਦਿੱਲੀ ਵਿੱਚ ਸੀਟਾਂ ਦੀ ਵੰਡ ’ਤੇ ਸਹਿਮਤੀ ਦਾ ਦਾਅਵਾ
ਪਾਰਟੀ ਸੂਤਰਾਂ ਮੁਤਾਬਕ, 13 ਨਵੰਬਰ ਦੀ ਦੇਰ ਰਾਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿੱਚ ਭਾਜਪਾ ਦੇ ਸਿਖਰਲੇ ਆਗੂਆਂ ਨਾਲ ਗੱਠਜੋੜ ਸਬੰਧੀ ਗੱਲਬਾਤ ਕੀਤੀ। ਦਾਅਵਾ ਹੈ ਕਿ ਸੀਟਾਂ ਦੀ ਵੰਡ ਸਮੇਤ ਹੋਰਨਾਂ ਮੁੱਦਿਆਂ ’ਤੇ ਵੀ ਸਹਿਮਤੀ ਬਣ ਗਈ ਹੈ। ਇਸ ਤੋਂ ਬਾਅਦ ਹੀ ਪੰਜਾਬ ਚੋਣ ਇੰਚਾਰਜ ਸੀ.ਆਰ. ਪਾਟਿਲ ਦੇ ਸੂਬੇ ਦੇ ਦੌਰੇ ਦਾ ਪ੍ਰੋਗਰਾਮ ਤੈਅ ਕੀਤਾ ਗਿਆ।

ਬਾਹਰੋਂ ਆਏ ਆਗੂਆਂ ਅਤੇ ਟਕਸਾਲੀ ਭਾਜਪਾਈਆਂ ਵਿਚਾਲੇ ਵਧ ਸਕਦੀ ਹੈ ਦੂਰੀ
ਹਰਜੀਤ ਸਿੰਘ ਗਰੇਵਾਲ ਭਾਜਪਾ ਦੇ ਸੀਨੀਅਰ ਆਗੂ ਹਨ ਅਤੇ ਇਸ ਸਮੇਂ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਨ। ਉਨ੍ਹਾਂ ਦੇ ਬਿਆਨ ਨੂੰ ਪਾਰਟੀ ਦੇ ਅੰਦਰੂਨੀ ਮਤਭੇਦਾਂ ਵਜੋਂ ਦੇਖਿਆ ਜਾ ਰਿਹਾ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਗਰੇਵਾਲ ਦੇ ਬਿਆਨ ਨਾਲ ਅਕਾਲੀ-ਭਾਜਪਾ ਗੱਠਜੋੜ ਦੇ ਫ਼ੈਸਲੇ ’ਤੇ ਸ਼ਾਇਦ ਕੋਈ ਵੱਡਾ ਅਸਰ ਨਾ ਪਵੇ, ਪਰ ਇਸ ਨਾਲ ਪਾਰਟੀ ਦੇ ਪੁਰਾਣੇ ਆਗੂਆਂ ਅਤੇ ਹੋਰਨਾਂ ਪਾਰਟੀਆਂ ਤੋਂ ਭਾਜਪਾ ਵਿੱਚ ਆਏ ਆਗੂਆਂ ਵਿਚਾਲੇ ਦੂਰੀ ਵਧ ਸਕਦੀ ਹੈ। ਗਰੇਵਾਲ ਦੇ ਬਿਆਨ ਨੂੰ ਕਾਂਗਰਸ ਜਾਂ ਹੋਰਨਾਂ ਪਾਰਟੀਆਂ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਵੱਲ ਵੀ ਇਸ਼ਾਰੇ ਵਜੋਂ ਦੇਖਿਆ ਜਾ ਰਿਹਾ ਹੈ। ਇਨ੍ਹਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਵਰਗੇ ਆਗੂ ਵੀ ਸ਼ਾਮਲ ਹਨ, ਜੋ ਪਹਿਲਾਂ ਵੀ ਅਕਾਲੀ ਦਲ ਨਾਲ ਗੱਠਜੋੜ ਦੀ ਹਮਾਇਤ ਕਰਦੇ ਰਹੇ ਹਨ।